ਸਰਹਿੰਦ ਹਾਈਵੇ ‘ਤੇ ਭਿਆਨਕ ਹਾਦਸਾ, ਬੱਸ ਡਰਾਈਵਰ ਦੀ ਮੌਤ

0
447

15 ਯਾਤਰੀ ਜ਼ਖ਼ਮੀ, 6 ਦੀ ਹਾਲਤ ਨਾਜ਼ੁਕ ਸਰਹਿੰਦ ਨੈਸ਼ਨਲ ਹਾਈਵੇ ’ਤੇ ਪਿੰਡ ਪਤਾਰਸੀ ਕਲਾਂ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਿੱਲੀ ਤੋਂ ਕਟੜਾ ਜਾ ਰਹੀ ਇੱਕ ਤੇਜ਼ ਰਫ਼ਤਾਰ ਵੋਲਵੋ ਬੱਸ ਅੱਗੇ ਜਾ ਰਹੇ 18 ਟਾਇਰਾਂ ਵਾਲੇ ਟਰਾਲੇ ਦੇ ਪਿੱਛੇ ਜਾ ਵੱਜੀ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਹਾਦਸੇ ਵਿੱਚ ਬੱਸ ਡਰਾਈਵਰ ਇੰਦਰਜੀਤ ਸਿੰਘ, ਜੋ ਫ਼ਿਰੋਜ਼ਪੁਰ ਦਾ ਰਹਿਣ ਵਾਲਾ ਸੀ, ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਬੱਸ ਵਿੱਚ ਸਵਾਰ 15 ਯਾਤਰੀ ਜ਼ਖ਼ਮੀ ਹੋ ਗਏ।



ਸੂਚਨਾ ਮਿਲਦੇ ਹੀ ਥਾਣਾ ਮੁਲੇਪੁਰ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ। ਪੁਲਿਸ ਮੁਤਾਬਕ ਬੱਸ ਵਿੱਚ ਸਵਾਰ ਕਈ ਯਾਤਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ।

ਡਾਕਟਰਾਂ ਅਨੁਸਾਰ ਜ਼ਖ਼ਮੀਆਂ ਵਿੱਚੋਂ 6 ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਸੈਕਟਰ-32 ਰੈਫਰ ਕੀਤਾ ਗਿਆ ਹੈ।

ਪੁਲਿਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।