ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 9 ਸਾਲਾ ਬੱਚੇ ਨੇ ਕੀਤੀ ਬੇਅਦਬੀ, ਪੁਲਸ ਨੇ ਕੀਤਾ ਗ੍ਰਿਫਤਾਰ

0
836

ਹੁਸ਼ਿਆਰਪੁਰ| ਬੀਤੇ ਦਿਨ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਦੇ ਦੋਸ਼ ‘ਚ 9 ਸਾਲਾ ਬੱਚੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਕੇਰੀਆਂ ਦੇ ਉਪ ਪੁਲਿਸ ਕਪਤਾਨ (ਡੀਐਸਪੀ) ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 5 ਅਕਤੂਬਰ ਨੂੰ ਪਿੰਡ ਬਿਸ਼ਨਪੁਰ ਦੇ ਗੁਰਦੁਆਰੇ ਦੇ ਗ੍ਰੰਥੀ ਤਰਸੇਮ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਅੰਗ ਫਟੇ ਹੋਏ ਦੇਖੇ ਸਨ, ਜਿਸ ਬਾਰੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਨੂੰ ਸੂਚਿਤ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱਚ ਇਕ ਲੜਕਾ ਪੰਨੇ ਪਾੜਦਾ ਦਿਖਾਈ ਦਿੱਤਾ। ਲੜਕੇ ਨੂੰ ਬਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਸਥਾਨਕ ਸੁਧਾਰ ਘਰ ਭੇਜ ਦਿੱਤਾ ਗਿਆ। ਡੀ.ਐਸ.ਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ‘ਚ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਘਟਨਾ ਦਾ ਪਤਾ ਲੱਗਣ ‘ਤੇ ਮੌਕੇ ‘ਤੇ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ ਸੀ।

ਦੱਸ ਦਈਏ ਕਿ ਪਿਛਲੇ ਸਾਲ ਦਸੰਬਰ ਵਿੱਚ ਪੰਜਾਬ ਵਿੱਚ ਬੇਅਦਬੀ ਦੇ ਦੋ ਦੋਸ਼ੀਆਂ ਦਾ ਕਤਲ ਕਰ ਦਿੱਤਾ ਗਿਆ ਸੀ। ਮਾਮਲਾ ਅੰਮ੍ਰਿਤਸਰ ਹਰਿਮੰਦਰ ਸਾਹਿਬ ਅਤੇ ਕਪੂਰਥਲਾ ਦੇ ਨਿਜ਼ਾਮਪੁਰ ਗੁਰਦੁਆਰਾ ਸਾਹਿਬ ਦਾ ਸੀ। ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੇ ਉਕਤ ਵਿਅਕਤੀ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ