ਕੈਨੇਡਾ, 8 ਦਸੰਬਰ | ਟਰੂਡੋ ਸਰਕਾਰ ਨੇ ਸਟੱਡੀ ਲਈ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਉਥੇ ਰਹਿਣ ਅਤੇ ਪੜ੍ਹਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸਿਆਂ ਦੀ ਲੋੜ ਪਵੇਗੀ। ਉਨ੍ਹਾਂ ਨੂੰ ਆਪਣਾ ਮਜ਼ਬੂਤ ਵਿੱਤੀ ਪਿਛੋਕੜ ਦਿਖਾਉਣਾ ਪਵੇਗਾ। ਇਹ ਐਲਾਨ ਕਰਦਿਆਂ ਇਮੀਗ੍ਰੇਸ਼ਨ, ਰਫਿਊਜ਼ੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ ਇਹ ਨਵਾਂ ਫੈਸਲਾ 1 ਜਨਵਰੀ 2024 ਤੋਂ ਲਾਗੂ ਹੋਵੇਗਾ।
ਦਰਅਸਲ, ਦੂਜੇ ਦੇਸ਼ਾਂ ਦੇ ਮੁਕਾਬਲੇ ਕੈਨੇਡਾ ਵਿਚ ਪੜ੍ਹਾਈ ਸਸਤੀ ਹੈ। ਇਹੀ ਕਾਰਨ ਹੈ ਕਿ ਹਰ ਸਾਲ ਕਈ ਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ ਇਥੇ ਆਉਂਦੇ ਹਨ। ਇਹ ਐਲਾਨ 27 ਅਕਤੂਬਰ ਨੂੰ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਵਿਚ ਸੁਧਾਰਾਂ ਤੋਂ ਬਾਅਦ ਕੀਤਾ ਗਿਆ ਹੈ, ਜਿਸ ਵਿਚ ਉੱਚ-ਗੁਣਵੱਤਾ ਸੇਵਾਵਾਂ ਅਤੇ ਸਹਾਇਤਾ ਪ੍ਰਦਾਨ ਕਰਨ ਵਾਲੇ ਵਿਦਿਅਕ ਅਦਾਰਿਆਂ ਨੂੰ ਮਾਨਤਾ ਦੇਣ ਲਈ ਇਕ ਨਵਾਂ ਢਾਂਚਾ ਪੇਸ਼ ਕੀਤਾ ਗਿਆ। ਇਸ ਵਿਚ ਕਿਹਾ ਗਿਆ ਹੈ ਕਿ ਵਿਦਿਅਕ ਸੰਸਥਾਵਾਂ ਤੋਂ ਸਿਰਫ ਓਨੇ ਹੀ ਵਿਦਿਆਰਥੀ ਸਵੀਕਾਰ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਜਿਨ੍ਹਾਂ ਦਾ ਉਹ ਢੁੱਕਵਾਂ ਸਮਰਥਨ ਕਰ ਸਕਦੇ ਹਨ।
ਆਪਣੇ ਫੈਸਲੇ ‘ਤੇ ਸਫਾਈ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨੂੰ ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸਫਲਤਾ ਅਤੇ ਭਲਾਈ ਯਕੀਨੀ ਬਣਾਉਣ ਵਾਲੇ ਇਕ ਪ੍ਰੋਜੈਕਟ ਵਜੋਂ ਦੇਖਿਆ ਜਾਣਾ ਚਾਹੀਦਾ ਹੈ।