ਮਾਝੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਜੱਗਾ ਮਜੀਠਾ ਨੇ ਦਿੱਤਾ ਅਸਤੀਫਾ

0
5

ਮਾਝਾ ਖੇਤਰ ਦੀ ਰਾਜਨੀਤੀ ਵਿੱਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ ਜਦੋਂ ਸੀਨੀਅਰ ਆਮ ਆਦਮੀ ਪਾਰਟੀ ਆਗੂ Jagwinderpal Singh Jagga Majitha ਨੇ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਜੱਗਾ ਮਜੀਠਾ ਨੇ ਮੀਡੀਆ ਸਾਹਮਣੇ ਆਪਣਾ ਗੁੱਸਾ ਜਾਹਿਰ ਕਰਦਿਆਂ ਪਾਰਟੀ ਹਾਈਕਮਾਂਡ ਅਤੇ ਸਥਾਨਕ ਲੀਡਰਸ਼ਿਪ ‘ਤੇ ਗੰਭੀਰ ਦੋਸ਼ ਲਗਾਏ।

ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਕਦੇ ਯੋਗ ਸਨਮਾਨ ਨਹੀਂ ਮਿਲਿਆ ਅਤੇ ਲਗਾਤਾਰ ਅਣਡਿੱਠਾ ਕੀਤਾ ਗਿਆ। ਗੌਰਤਲਬ ਹੈ ਕਿ ਜੱਗਾ ਮਜੀਠਾ ਨੇ 2022 ਦੀ ਵਿਧਾਨ ਸਭਾ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਮਜੀਠਾ ਹਲਕੇ ਤੋਂ ਲੜੀ ਸੀ। ਇਸ ਤੋਂ ਬਾਅਦ 2023 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਹ 2022 ਵਿੱਚ ਮਜੀਠਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹੇ ਲਾਲੀ ਮਜੀਠੀਆ ਦੇ ਛੋਟੇ ਭਰਾ ਹਨ।

ਮੀਡੀਆ ਨਾਲ ਗੱਲਬਾਤ ਦੌਰਾਨ ਜੱਗਾ ਮਜੀਠਾ ਨੇ ਕਿਹਾ ਕਿ ਜਦੋਂ ਉਹ ਪਾਰਟੀ ਵਿੱਚ ਸ਼ਾਮਲ ਹੋਏ ਸਨ ਤਾਂ ਆਪਣੇ ਨਾਲ ਲਗਭਗ 90 ਮੌਜੂਦਾ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੂੰ ਵੀ ਪਾਰਟੀ ਵਿੱਚ ਲੈ ਕੇ ਆਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਪਾਰਟੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ, ਪਰ ਬਦਲੇ ਵਿੱਚ ਉਨ੍ਹਾਂ ਨੂੰ ਨਾ ਕੋਈ ਜ਼ਿੰਮੇਵਾਰੀ ਦਿੱਤੀ ਗਈ ਅਤੇ ਨਾ ਹੀ ਕਿਸੇ ਮੀਟਿੰਗ ਜਾਂ ਪ੍ਰੋਗਰਾਮ ਵਿੱਚ ਸੱਦਾ ਦਿੱਤਾ ਗਿਆ।

ਉਨ੍ਹਾਂ ਦੋਸ਼ ਲਗਾਇਆ ਕਿ ਪਾਰਟੀ ਵਿੱਚ ਆਮ ਵਰਕਰ ਦੀ ਕੋਈ ਕਦਰ ਨਹੀਂ ਰਹੀ ਅਤੇ ਟਿਕਟਾਂ ਪੈਸੇ ਅਤੇ ਸਿਫਾਰਸ਼ ਦੇ ਆਧਾਰ ‘ਤੇ ਵੰਡੀਆਂ ਜਾ ਰਹੀਆਂ ਹਨ। ਮਜੀਠਾ ਨਗਰ ਕੌਂਸਲ ਚੋਣਾਂ ਦੌਰਾਨ ਵੀ ਉਨ੍ਹਾਂ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ।



ਜੱਗਾ ਮਜੀਠਾ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ “ਨਸ਼ਾ ਵੇਚਣ ਵਾਲੇ ਲੋਕਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ।” ਉਨ੍ਹਾਂ ਮਜੀਠਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਉਮੀਦਵਾਰਾਂ ਨੂੰ ਨਕਾਰਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਂਦੇ ਰਹੇ ਹਨ ਅਤੇ ਅਜਿਹੇ ਲੋਕਾਂ ਨਾਲ ਕਦੇ ਖੜੇ ਨਹੀਂ ਹੋ ਸਕਦੇ।

ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਦਬਾਅ ਬਣਾਇਆ ਗਿਆ। ਕੁਝ ਪਿੰਡਾਂ ਵਿੱਚ ਉਨ੍ਹਾਂ ਦੇ ਵਰਕਰਾਂ ਨਾਲ ਧੱਕੇਸ਼ਾਹੀ ਅਤੇ ਕੁੱਟਮਾਰ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

ਜੱਗਾ ਮਜੀਠਾ ਨੇ ਕਿਹਾ ਕਿ ਉਹ ਜਲਦ ਹੀ ਆਪਣੇ ਵਰਕਰਾਂ ਅਤੇ ਸਮਰਥਕਾਂ ਨਾਲ ਪਿੰਡ-ਪਿੰਡ ਜਾ ਕੇ ਸਲਾਹ ਮਸ਼ਵਰਾ ਕਰਨਗੇ ਅਤੇ ਉਸ ਤੋਂ ਬਾਅਦ ਹੀ ਆਪਣਾ ਅਗਲਾ ਸਿਆਸੀ ਫੈਸਲਾ ਲੈਣਗੇ। ਹਾਲਾਂਕਿ ਉਨ੍ਹਾਂ ਨੇ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਕਿ ਉਹ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣਗੇ ਜਾਂ ਆਜ਼ਾਦ ਰਾਜਨੀਤਿਕ ਰਾਹ ਅਪਣਾਉਣਗੇ।

ਉਨ੍ਹਾਂ ਦੇ ਅਸਤੀਫੇ ਨੂੰ ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਲਈ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ, ਕਿਉਂਕਿ ਜੱਗਾ ਮਜੀਠਾ ਇਲਾਕੇ ਵਿੱਚ ਚੰਗਾ ਜਨ ਅਧਾਰ ਅਤੇ ਪਿੰਡ ਪੱਧਰ ‘ਤੇ ਮਜ਼ਬੂਤ ਪਕੜ ਰੱਖਦੇ ਹਨ।