ਫਿਰੋਜ਼ਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਮਦੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਤੁਰੰਤ ਅੱਗ ਲੱਗ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਬਲਜੀਤ ਕੌਰ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।
ਮ੍ਰਿਤਕ ਦੇ ਰਿਸ਼ਤੇਦਾਰ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਉਸ ਵਿਚ ਸਵਾਰ ਨੌਜਵਾਨ ਨਸ਼ੇ ਵਿਚ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਤਿੰਨ ਧੀਆਂ ਅਤੇ ਇਕ ਪੁੱਤਰ ਦਾ ਪਿਓ ਸੀ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਪਿੰਡ ਭਲੂਰ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ। ਉਹ ਆਪਣੀ ਪਤਨੀ ਨਾਲ ਕਿਸੇ ਕੰਮ ਲਈ ਆਪਣੀ ਰਿਸ਼ਤੇਦਾਰੀ ਵਿਚ ਮਮਦੋਟ ਆ ਰਹੇ ਸਨ। ਇਸ ਦੌਰਾਨ ਫਿਰੋਜ਼ਪੁਰ ਦੇ ਮਮਦੋਟ ਰੋਡ ’ਤੇ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬਲਵੀਰ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮਮਦੋਟ ਦੇ ਏਐਸਆਈ ਗੁਰਮੀਤ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।