ਮੋਹਾਲੀ, 23 ਸਤੰਬਰ | ਜ਼ੀਰਕਪੁਰ ਦੇ ਪਿੰਡ ਭੁੱਡਾ ਦੇ ਰਹਿਣ ਵਾਲੇ 12ਵੀਂ ਜਮਾਤ ਦੇ ਵਿਦਿਆਰਥੀ ਪਰਮਦੀਪ ਸਿੰਘ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਸਕੂਲ ਵਿਚ ਅਚਾਨਕ ਬੇਹੋਸ਼ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਸੈਕਟਰ-32 ਹਸਪਤਾਲ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੁਪਹਿਰ 12 ਵਜੇ ਦੇ ਕਰੀਬ ਵਾਪਰੀ, ਜਦੋਂ ਪਰਮਦੀਪ ਆਪਣੀ ਕਲਾਸ ‘ਚ ਮੌਜੂਦ ਸੀ। ਸਕੂਲ ਦੀ ਪ੍ਰਿੰਸੀਪਲ ਮੀਨਾਕਸ਼ੀ ਨੇ ਦੱਸਿਆ ਕਿ ਵਿਦਿਆਰਥੀ ਖੜ੍ਹੇ ਹੁੰਦੇ ਹੋਏ ਅਚਾਨਕ ਡਿੱਗ ਗਿਆ। ਜਲਦੀ ਹੀ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਡਾਕਟਰੀ ਸਹਾਇਤਾ ਲਈ ਹਸਪਤਾਲ ਭੇਜ ਦਿੱਤਾ ਗਿਆ।

ਸਕੂਲ ਵਿਚ ਪਰਮਦੀਪ ਬਾਰੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਕੋਈ ਸਮੱਸਿਆ ਹੋਣ ਦੀ ਪਹਿਲਾਂ ਤੋਂ ਕੋਈ ਸੂਚਨਾ ਨਹੀਂ ਸੀ, ਜਿਸ ਕਾਰਨ ਵਿਦਿਆਰਥੀ ਦੀ ਅਚਾਨਕ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਉਹ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਅਤੇ ਹੋਣਹਾਰ ਸੀ, ਜਿਸ ਨੂੰ ਸਾਰੇ ਅਧਿਆਪਕਾਂ ਅਤੇ ਸਾਥੀ ਵਿਦਿਆਰਥੀਆਂ ਦੁਆਰਾ ਪਸੰਦ ਕੀਤਾ ਜਾਂਦਾ ਸੀ।

ਪਰਮਦੀਪ ਆਪਣੇ ਮਾਪਿਆਂ ਦਾ ਛੋਟਾ ਪੁੱਤਰ ਸੀ। ਉਸਦੇ ਪਰਿਵਾਰ ਵਿਚ ਉਸਦੀ ਇੱਕ ਵੱਡੀ ਭੈਣ ਵੀ ਹੈ। ਇਸ ਦੁਖਦਾਈ ਘਟਨਾ ਨੇ ਨਾ ਸਿਰਫ ਉਸ ਦੇ ਪਰਿਵਾਰ ਨੂੰ ਸਗੋਂ ਉਸ ਦੇ ਦੋਸਤਾਂ ਅਤੇ ਸਕੂਲ ਦੇ ਅਧਿਆਪਕਾਂ ਨੂੰ ਵੀ ਡੂੰਘੇ ਸਦਮੇ ਵਿਚ ਛੱਡ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਤੇ ਸਿਹਤ ਵਿਭਾਗ ਨੇ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੌਰੈਂਸਿਕ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖਿਆ ਵਿਭਾਗ ਨੇ ਸਕੂਲ ਪ੍ਰਸ਼ਾਸਨ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਵੀ ਮੰਗੀ ਹੈ।