ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1822 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਜਥੇ ਦੀ ਰਵਾਨਗੀ ਮੌਕੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਗੂੰਜ ਉੱਠਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਜਥੇ ਦੀ ਚੜ੍ਹਦੀ ਕਲਾ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ ਅਤੇ ਫਤਿਹ ਬੁਲਾ ਕੇ ਸ਼ਰਧਾਲੂਆਂ ਨੂੰ ਰਵਾਨਾ ਕੀਤਾ।
SGPC ਵੱਲੋਂ ਪਾਕਿਸਤਾਨ ਜਾਣ ਲਈ ਕੁੱਲ 1828 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 1822 ਨੂੰ ਵੀਜ਼ਾ ਮਿਲਿਆ, ਜਦਕਿ 6 ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋ ਗਏ। ਜਥੇ ਦੀ ਅਗਵਾਈ SGPC ਮੈਂਬਰ ਬੀਬੀ ਪਰਮਿੰਦਰ ਕੌਰ ਕਰ ਰਹੇ ਹਨ।
ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਪਾਸਿਆਂ ਦੇ ਪੰਜਾਬ ਦੀ ਮਾਂ ਬੋਲੀ ਪੰਜਾਬੀ ਹੈ ਅਤੇ ਇਹ ਸਾਂਝੀ ਵਿਰਾਸਤ ਲੋਕਾਂ ਦੇ ਦਿਲਾਂ ਨੂੰ ਜੋੜਦੀ ਹੈ। ਉਨ੍ਹਾਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੀਜ਼ਿਆਂ ਦੀ ਗਿਣਤੀ ਵਧਾਈ ਜਾਵੇ ਅਤੇ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਪ੍ਰਕਿਰਿਆ ਨੂੰ ਹੋਰ ਸੌਖਾ ਬਣਾਇਆ ਜਾਵੇ।
ਦੱਸਿਆ ਗਿਆ ਕਿ ਇਹ ਜਥਾ ਪਾਕਿਸਤਾਨ ਵਿੱਚ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਪੱਟੀ ਸਾਹਿਬ, ਕਿਆਰਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਸ੍ਰੀ ਪੰਜਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ ਲਾਹੌਰ ਸਥਿਤ ਗੁਰਦੁਆਰਾ ਡੇਰਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ।
ਜਥੇ ਵਿੱਚ ਸ਼ਾਮਲ ਸ਼ਰਧਾਲੂਆਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਕਈ ਸ਼ਰਧਾਲੂਆਂ ਲਈ ਇਹ ਪਹਿਲੀ ਪਾਕਿਸਤਾਨ ਯਾਤਰਾ ਹੈ। ਕੁਝ ਸ਼ਰਧਾਲੂਆਂ ਨੇ ਦੱਸਿਆ ਕਿ ਵੰਡ ਸਮੇਂ ਉਨ੍ਹਾਂ ਦੇ ਪਰਿਵਾਰ ਪਾਕਿਸਤਾਨ ਤੋਂ ਭਾਰਤ ਆਏ ਸਨ ਅਤੇ ਹੁਣ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਉਨ੍ਹਾਂ ਦੀ ਪੁਰਾਣੀ ਇੱਛਾ ਪੂਰੀ ਹੋ ਰਹੀ ਹੈ।
ਸ਼ਰਧਾਲੂਆਂ ਨੇ SGPC ਵੱਲੋਂ ਕੀਤੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਾਸਪੋਰਟ ਅਤੇ ਵੀਜ਼ਾ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਸਹਿਯੋਗ ਮਿਲਿਆ। ਆਪਣੀ 10 ਦਿਨਾਂ ਦੀ ਧਾਰਮਿਕ ਯਾਤਰਾ ਪੂਰੀ ਕਰਨ ਤੋਂ ਬਾਅਦ ਇਹ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤੇਗਾ।







































