ਅੰਮ੍ਰਿਤਸਰ ‘ਚ ਵੱਡੀ ਵਾਰਦਾਤ : ਰਿਸ਼ਤਾ ਮੰਗਣ ਗਏ ਨੌਜਵਾਨ ਨੂੰ ਲੜਕੀ ਦੀ ਮਾਂ ਨੇ ਕੀਤੀ ਨਾਂਹ ਤਾਂ ਗੋਲੀਆਂ ਮਾਰ ਕੇ ਕੀਤਾ ਮਰਡਰ

0
1650

ਅੰਮ੍ਰਿਤਸਰ, 11 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਠਿਆਲਾ ‘ਚ ਅੱਜ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਔਰਤ ਦੀ ਪਛਾਣ ਪਰਮਜੀਤ ਕੌਰ ਪਤਨੀ ਅਮਰਜੀਤ ਸਠਿਆਲਾ ਵਜੋਂ ਹੋਈ ਹੈ। ਹਮਲਾਵਰਾਂ ਨੇ ਘਰ ‘ਚ ਦਾਖਲ ਹੋ ਕੇ ਔਰਤ ‘ਤੇ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਦਾ ਇਕ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਗੋਰਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸਠਿਆਲਾ ਦੇ ਘਰ ਆਇਆ ਅਤੇ ਪਰਮਜੀਤ ਕੌਰ ਦੀ ਲੜਕੀ ਦਾ ਰਿਸ਼ਤਾ ਮੰਗਣ ਲੱਗਾ। ਜਦੋਂਕਿ ਪਰਮਜੀਤ ਇਸ ਰਿਸ਼ਤੇ ਲਈ ਰਾਜ਼ੀ ਨਹੀਂ ਸੀ। ਜਾਣਕਾਰੀ ਦਿੰਦਿਆਂ ਡੀਐਸਪੀ ਬਾਬਾ ਬਕਾਲਾ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਲੜਕੀ ਦੀ ਮਾਂ ਨੂੰ ਆਪਣੇ ਘਰ ਵਿਚ ਹੀ ਗੋਲੀ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੋਲੀ ਮਾਰ ਕੇ ਮੁਲਜ਼ਮ ਉਥੋਂ ਫਰਾਰ ਹੋ ਗਿਆ।

ਇਲਾਕਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਪਰਮਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇਥੇ ਟੀਮ ਨੇ ਇਕ ਪਿਸਤੌਲ ਬਰਾਮਦ ਕੀਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।