ਅੰਮ੍ਰਿਤਸਰ ਦਿਹਾਤੀ ਦੇ ਹਲਕਾ ਮਜੀਠਾ ਵਿੱਚ ਨਗਰ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਪੰਜਾਬ ਪੁਲਿਸ ਵਿੱਚ ਤਾਇਨਾਤ ਏਐਸਆਈ ਜੋਗਾ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਪੁਲਿਸ ਮਹਿਕਮੇ ਸਮੇਤ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਾਣਕਾਰੀ ਅਨੁਸਾਰ ਮ੍ਰਿਤਕ ਏਐਸਆਈ ਜੋਗਾ ਸਿੰਘ ਪਿੰਡ ਘਣੀਏ ਕੇ ਦੇ ਰਹਿਣ ਵਾਲੇ ਸਨ ਅਤੇ ਅੰਮ੍ਰਿਤਸਰ ਪੁਲਿਸ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ ਪੰਜ ਵਜੇ ਆਪਣੇ ਘਰ ਤੋਂ ਡਿਊਟੀ ਲਈ ਨਿਕਲੇ ਸਨ। ਜਿਵੇਂ ਹੀ ਉਹ ਮਜੀਠਾ ਨੇੜੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਹਮਜਾ ਮੋੜ ਕੋਲ ਪਹੁੰਚੇ ਤਾਂ ਪਿੱਛੋਂ ਆਏ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਚਾਰ ਗੋਲੀਆਂ ਚਲਾਈਆਂ ਜੋ ਸਿੱਧੀਆਂ ਜੋਗਾ ਸਿੰਘ ਨੂੰ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮਜੀਠਾ ਪੁਲਿਸ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਫੋਰੈਂਸਿਕ ਅਤੇ ਟੈਕਨੀਕਲ ਟੀਮਾਂ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਜੋਗਾ ਸਿੰਘ ਬਹੁਤ ਹੀ ਸ਼ਰੀਫ ਅਤੇ ਇਮਾਨਦਾਰ ਵਿਅਕਤੀ ਸਨ ਅਤੇ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਸੀ। ਪਰਿਵਾਰ ਦਾ ਕਹਿਣਾ ਹੈ ਕਿ ਨਾ ਤਾਂ ਕੋਈ ਲੁੱਟਖੋਹ ਹੋਈ ਹੈ ਅਤੇ ਨਾ ਹੀ ਹਮਲਾਵਰ ਕੋਈ ਸਮਾਨ ਲੈ ਕੇ ਗਏ ਹਨ। ਉਨ੍ਹਾਂ ਦਾ ਪਰਸ, ਮੋਬਾਇਲ ਅਤੇ ਹੋਰ ਸਮਾਨ ਮੌਕੇ ‘ਤੇ ਹੀ ਪਿਆ ਮਿਲਿਆ, ਜਿਸ ਕਾਰਨ ਪਰਿਵਾਰ ਇਸ ਨੂੰ ਸੋਚੀ-ਸਮਝੀ ਸਾਜ਼ਿਸ਼ ਮੰਨ ਰਿਹਾ ਹੈ।
ਜੋਗਾ ਸਿੰਘ ਦੀ ਉਮਰ ਕਰੀਬ 58 ਸਾਲ ਦੱਸੀ ਜਾ ਰਹੀ ਹੈ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਤੋਂ ਇਲਾਵਾ ਇੱਕ ਪੁੱਤਰ ਅਤੇ ਇੱਕ ਧੀ ਹਨ, ਜੋ ਦੋਵੇਂ ਕੈਨੇਡਾ ਵਿੱਚ ਰਹਿੰਦੇ ਹਨ ਅਤੇ ਵਿਆਹੇ ਹੋਏ ਹਨ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਵਾਰਦਾਤ ਤੋਂ ਬਾਅਦ ਲੋਕਾਂ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣੇਗੀ। ਜ਼ਿਕਰਯੋਗ ਹੈ ਕਿ 26 ਮਈ ਨੂੰ ਮਜੀਠਾ ਵਿੱਚ ਨਗਰ ਕੌਂਸਲ ਚੋਣਾਂ ਹੋਣੀਆਂ ਹਨ ਅਤੇ ਚੋਣਾਂ ਤੋਂ ਪਹਿਲਾਂ ਹੋਈ ਇਸ ਘਟਨਾ ਨੇ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਪੁਲਿਸ ਦਾ ਦਾਅਵਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।






































