ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ਼ਰਧਾ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਪਵਿੱਤਰ ਦਿਹਾੜੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਪੂਰਾ ਦਰਬਾਰ ਸਾਹਿਬ ਪਰਿਸਰ ‘ਸਤਿਨਾਮ ਵਾਹਿਗੁਰੂ’ ਦੇ ਜਾਪ ਨਾਲ ਗੂੰਜ ਰਿਹਾ ਹੈ।
ਸਵੇਰ ਤੋਂ ਹੀ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਕਤਾਰਾਂ ਵਿੱਚ ਲੱਗ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਮੌਕੇ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਆਪਣੇ ਪਰਿਵਾਰਾਂ ਸਮੇਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦਰਸ਼ਨ ਕਰਨ ਪਹੁੰਚੇ ਸ਼ਰਧਾਲੂਆਂ ਨੇ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦਿੱਤਾ, ਜਿਸ ’ਤੇ ਚੱਲ ਕੇ ਮਨੁੱਖਤਾ ਦਾ ਭਲਾ ਕੀਤਾ ਜਾ ਸਕਦਾ ਹੈ।
ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦਰਸ਼ਨਾਂ ਲਈ ਪਹੁੰਚੀਆਂ ਸੰਗਤਾਂ ਨੇ ਇਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਵੀ ਰਵਾਨਾ ਹੋਏ ਹਨ।
ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਵਿਸ਼ੇਸ਼ ਤੌਰ ’ਤੇ ਇਤਿਹਾਸਕ ਅਤੇ ਕੀਮਤੀ ਗਹਿਣਿਆਂ ਤੇ ਸ਼ਸਤਰਾਂ ਨਾਲ ਜਲੌਅ ਸਾਹਿਬ ਸਜਾਏ ਜਾਣਗੇ। ਇਸ ਦੇ ਦਰਸ਼ਨਾਂ ਲਈ ਵੀ ਸੰਗਤਾਂ ਵਿੱਚ ਖ਼ਾਸ ਉਤਸ਼ਾਹ ਹੈ।
ਦਰਬਾਰ ਸਾਹਿਬ ਦੇ ਪੂਰੇ ਪਰਿਸਰ ਨੂੰ ਸੁੰਦਰ ਫੁੱਲਾਂ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਦੇਸੀ ਘਿਓ ਦੇ ਦੀਵਿਆਂ ਅਤੇ ਮੋਮਬੱਤੀਆਂ ਨਾਲ ਦੀਪਮਾਲਾ ਕੀਤੀ ਜਾਵੇਗੀ। ਇਸ ਤੋਂ ਬਾਅਦ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ, ਜਿਸ ਨਾਲ ਪੂਰਾ ਦਰਬਾਰ ਸਾਹਿਬ ਪਰਿਸਰ ਰੌਸ਼ਨੀਆਂ ਨਾਲ ਜਗਮਗਾ ਉੱਠੇਗਾ।








































