ਹਰਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰਨਾਲ ‘ਚ ਸ਼ੁੱਕਰਵਾਰ ਦੇਰ ਰਾਤ ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਤੇ 4 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ PGI ਰੋਹਤਕ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਜੀਟੀ ਰੋਡ ‘ਤੇ ਤਰਾਵੜੀ ਨੇੜੇ ਵਾਪਰਿਆ। ਹਾਦਸੇ ‘ਚ ਜਾਨ ਗਵਾਉਣ ਵਾਲੇ ਲੋਕ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

ਤਰਾਵੜੀ ਥਾਣੇ ਦੇ ਇੰਚਾਰਜ ਸੰਦੀਪ ਸਿੰਘ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਰਨਾਲ-ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਇਕ ਵਾਹਨ ਦਾ ਟਾਇਰ ਪੰਕਚਰ ਹੋ ਗਿਆ। ਇਸ ਦੌਰਾਨ ਗਸ਼ਤ ‘ਤੇ ਤਾਇਨਾਤ ਸਟੇਸ਼ਨ ਦਾ ਇਕ ਹੈੱਡ ਕਾਂਸਟੇਬਲ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਅਚਾਨਕ ਪਿੱਛੇ ਤੋਂ ਇਕ ਤੇਜ਼ ਰਫ਼ਤਾਰ ਕੈਂਟਰ ਆਇਆ ਅਤੇ ਖੜ੍ਹੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਗੱਡੀ ਸਾਹਮਣੇ ਖੜ੍ਹੇ ਦੂਜੇ ਵਾਹਨ ਨਾਲ ਟਕਰਾ ਗਈ।

ਜ਼ਖ਼ਮੀ ਹੋਏ 3 ਵਿਅਕਤੀਆਂ ਨੇ ਕਰਨਾਲ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਚ ਦਮ ਤੋੜ ਦਿੱਤਾ, ਜਦੋਂਕਿ ਚੌਥੇ ਵਿਅਕਤੀ ਦੀ PGI ਰੋਹਤਕ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਸਨ। ਇਨ੍ਹਾਂ ਨੌਜਵਾਨਾਂ ਵਿਚੋਂ ਇਕ CA ਸੀ, ਜੋ ਇਕ ਸੈਮੀਨਾਰ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਪੁਲਿਸ ਨੇ ਦੋਵੇਂ ਵਾਹਨਾਂ ਅਤੇ ਕੈਂਟਰ ਨੂੰ ਕਬਜ਼ੇ ‘ਚ ਲੈ ਕੇ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।