ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ, 12 ਲੋਕ ਗੰਭੀਰ ਜ਼ਖਮੀ

0
399

ਲੁਧਿਆਣਾ | ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਛੋਟੇ ਬੱਚੇ ਅਤੇ ਔਰਤਾਂ ਸਮੇਤ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਬੁੱਧਵਾਰ ਦੇਰ ਰਾਤ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਪਿੰਡ ਗਹੋੜ ਨੇੜੇ ਵਾਪਰੀ। ਚਸ਼ਮਦੀਦਾਂ ਮੁਤਾਬਕ ਬੱਸ ਲੁਧਿਆਣਾ ਤੋਂ ਬਠਿੰਡਾ ਵੱਲ ਜਾ ਰਹੀ ਸੀ। ਉਦੋਂ ਮੁੱਲਾਂਪੁਰ ਪਿੰਡ ਤੋਂ ਇੱਕ ਟਰੈਕਟਰ-ਟਰਾਲੀ ਗਲਤ ਸਾਈਡ ਤੋਂ ਆ ਗਈ। ਇਸ ਤੋਂ ਪਹਿਲਾਂ ਕਿ ਬੱਸ ਡਰਾਈਵਰ ਆਪਣੇ ਆਪ ‘ਤੇ ਕਾਬੂ ਪਾਉਂਦਾ, ਦੋਵਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਰੌਲਾ ਸੁਣ ਕੇ ਸਥਾਨਕ ਲੋਕ ਇਕੱਠੇ ਹੋ ਗਏ ਅਤੇ ਜ਼ਖਮੀਆਂ ਨੂੰ ਬੱਸ ‘ਚੋਂ ਬਾਹਰ ਕੱਢਿਆ ਗਿਆ।

ਏਐਸਆਈ ਹਮੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ। ਟਰੈਕਟਰ-ਟਰਾਲੀ ‘ਤੇ 2 ਵਿਅਕਤੀ ਸਵਾਰ ਸਨ। ਦੋਵੇਂ ਗੰਭੀਰ ਜ਼ਖਮੀ ਹਨ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਬੱਸ ‘ਚ ਸਾਈਡ ’ਤੇ ਬੈਠੀਆਂ ਸਵਾਰੀਆਂ ਵੀ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਦਕਿ ਟਰੈਕਟਰ ਦੇ ਪਰਖੱਚੇ ਉੱਡ ਗਏ।