ਤਰਨਤਾਰਨ, 9 ਫਰਵਰੀ | ਇੱਕ ਨਿੱਜੀ ਲਾਅ ਕਾਲਜ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਨੇ ਕਾਲਜ ਕੈਂਪਸ ਵਿੱਚ ਹੀ ਇੱਕ ਕੁੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਨੌਜਵਾਨ ਨੇ ਉਸੇ ਹਥਿਆਰ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ, ਇਹ ਘਟਨਾ ਕਾਲਜ ਦੇ ਅੰਦਰ ਹੀ ਵਾਪਰੀ, ਜਿਸ ਨਾਲ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਕੁੜੀ ਦੇ ਪਰਿਵਾਰ ਵਾਲਿਆਂ ਨੇ ਗੰਭੀਰ ਇਲਜ਼ਾਮ ਲਾਉਂਦਿਆਂ ਦੱਸਿਆ ਕਿ ਉਕਤ ਨੌਜਵਾਨ ਪਿਛਲੇ ਕਾਫ਼ੀ ਸਮੇਂ ਤੋਂ ਕੁੜੀ ਨੂੰ ਤੰਗ-ਪਰੇਸ਼ਾਨ ਕਰ ਰਿਹਾ ਸੀ। ਪਰਿਵਾਰ ਅਨੁਸਾਰ ਇਸੇ ਪਰੇਸ਼ਾਨੀ ਕਾਰਨ ਅੱਜ ਨੌਜਵਾਨ ਨੇ ਇੰਨਾ ਖ਼ੌਫ਼ਨਾਕ ਕਦਮ ਚੁੱਕਿਆ।
ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਕਾਲਜ ਦੇ ਅੰਦਰ ਹਥਿਆਰ ਲੈ ਕੇ ਕਿਵੇਂ ਦਾਖ਼ਲ ਹੋਇਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਤਹਿ ਤੱਕ ਜਾ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



































