ਅੰਮ੍ਰਿਤਸਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ‘ਚ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ‘ਚ 1 ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਸਰਹੱਦੀ ਪਿੰਡ ਅਜਨਾਲਾ, ਬਿਕਰੌਰ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮਜੀਠੀਆ ਵਜੋਂ ਹੋਈ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਲਵਪ੍ਰੀਤ ਕਿਸੇ ਕੰਮ ਤੋਂ ਵਾਪਸ ਆਪਣੇ ਘਰ ਮਜੀਠੀਆ ਆ ਰਿਹਾ ਸੀ। ਅਜੇ ਉਹ ਪਿੰਡ ਬਿਕਰੌੜ ਨੇੜੇ ਪੁੱਜੇ ਹੀ ਸਨ ਕਿ ਸਾਹਮਣੇ ਤੋਂ ਤੇਜ਼ ਰਫ਼ਤਾਰ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਆ ਗਏ। ਲਵਪ੍ਰੀਤ ਆਪਣੀ ਬਾਈਕ ‘ਤੇ ਕਾਬੂ ਨਾ ਰੱਖ ਸਕਿਆ ਅਤੇ ਉਸ ਦੀ ਬਾਈਕ ਕਿਸੇ ਹੋਰ ਬਾਈਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਲਵਪ੍ਰੀਤ ਗੰਭੀਰ ਜ਼ਖ਼ਮੀ ਹੋ ਗਿਆ। ਦੂਜਾ ਬਾਈਕ ਸਵਾਰ ਲਵਪ੍ਰੀਤ ਨੂੰ ਤੜਫਦਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ‘ਚ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਨੇ ਲਵਪ੍ਰੀਤ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਐਸਐਚਓ ਜਸਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੂਜੇ ਬਾਈਕ ਸਵਾਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਫੜੇ ਜਾਣਗੇ।