ਦਲ ਘਰ ਪਰਤ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ ,ਹੋਈ ਮੌਤ

0
3042

ਲੁਧਿਆਣਾ | ਬੀਤੀ ਦੇਰ ਰਾਤ ਤਾਜਪੁਰ ਰੋਡ ਹਾਈਵੇਅ ਪੁਲ ‘ਤੇ ਕਿਸੇ ਅਣਪਛਾਤੇ ਵਾਹਨ ਨੇ ਪੈਦਲ ਘਰ ਪਰਤ ਰਹੇ ਨੌਜਵਾਨ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਈਸ਼ਵਰ ਸਿੰਘ ਵਾਸੀ ਗੁਰਮੇਲ ਪਾਰਕ ਟਿੱਬਾ ਰੋਡ, ਲੁਧਿਆਣਾ ਵਜੋਂ ਹੋਈ ਹੈ। ਬੁੱਧਵਾਰ ਸਵੇਰੇ ਪਰਿਵਾਰਕ ਮੈਂਬਰਾਂ ਨੇ ਥਾਣੇ ਪਹੁੰਚ ਕੇ ਡਰਾਈਵਰ ਦੀ ਪਛਾਣ ਕਰਕੇ ਉਸ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।

ਮ੍ਰਿਤਕ ਦੇ ਭਰਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ ਕਰੀਬ 12 ਵਜੇ ਉਸ ਦੇ ਭਰਾ ਈਸ਼ਵਰ ਸਿੰਘ ਨੂੰ ਤਾਜਪੁਰ ਰੋਡ ’ਤੇ ਪੁਲ ’ਤੇ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਅਣਪਛਾਤੇ ਵਾਹਨ ਦੀ ਟੱਕਰ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਉਸ ਦਾ ਭਰਾ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਆਪਣਾ ਕੰਮ ਖਤਮ ਕਰਕੇ ਪੈਦਲ ਹੀ ਘਰ ਪਰਤ ਰਿਹਾ ਸੀ।

ਪਰਿਵਾਰਕ ਮੈਂਬਰਾਂ ਨੇ ਥਾਣਾ ਡਿਵੀਜ਼ਨ ਨੰਬਰ 7 ਵਿੱਚ ਪਹੁੰਚ ਕੇ ਡਰਾਈਵਰ ਦੀ ਪਹਿਚਾਣ ਕਰਕੇ ਉਸਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਭੈਣ ਨੇ ਥਾਣੇ ‘ਚ ਰੋਂਦੇ ਹੋਏ ਦੱਸਿਆ ਕਿ ਉਸ ਦਾ ਭਰਾ ਅਜੇ ਕੁਆਰਾ ਸੀ ਅਤੇ ਵਿਆਹ ਦੀ ਗੱਲ ਚੱਲ ਰਹੀ ਸੀ।

ਐਸਐਚਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 12 ਵਜੇ ਫੋਨ ਆਇਆ ਕਿ ਸਮਰਾਲਾ ਚੌਕ ਬਾਈਪਾਸ ਨੇੜੇ ਕਿਸੇ ਵਿਅਕਤੀ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ। ਮੌਕੇ ‘ਤੇ ਪਹੁੰਚ ਕੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।