ਚੰਡੀਗੜ੍ਹ, 21 ਦਸੰਬਰ| ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਮੰਤਰੀ ਅਮਨ ਅਰੋੜਾ ਦੇ ਜੀਜੇ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ‘ਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ‘ਤੇ ਸੀ।

ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ ਦੂਜੇ ਦੇ ਬਿਲਕੁਲ ਉਲਟ ਹਨ। ਹੁਣ ਦੋਵੇਂ ਨੇਤਾ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ AAP ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।