ਭਗਵੰਤ ਮਾਨ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ, ਬਜਟ ਇਜਲਾਸ ‘ਚ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ 16 ਮਾਰਚ ਨੂੰ ਮੋਤੀ ਮਹਿਲ ਦੀ ਕਰਾਂਗੇ ਬੱਤੀ ਗੁੱਲ

    0
    532

    ‘ਆਪ’ ਦੀ ਕੋਰ ਕਮੇਟੀ ਨੇ ਮਹਿੰਗੀ ਬਿਜਲੀ ‘ਤੇ ਅਪਣਾਇਆ ਸਖ਼ਤ ਰੁਖ

    ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਵਿਧਾਨ ਸਭਾ ਦੇ ਮੌਜੂਦਾ ਬਜਟ ਇਜਲਾਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਥਰਮਲ ਪਲਾਂਟਾਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਕੀਤੇ ਗਏ ਮਹਿੰਗੇ ਅਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਨਾ ਕੀਤੇ ਤਾਂ ਆਮ ਆਦਮੀ ਪਾਰਟੀ 16 ਮਾਰਚ, 2020 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।

    ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ। ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਕ੍ਰਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ, ਡਾ. ਬਲਬੀਰ ਸਿੰਘ, ਗੈਰੀ ਬੜਿੰਗ, ਸੁਖਵਿੰਦਰ ਸੁੱਖੀ, ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਹਰਚੰਦ ਸਿੰਘ ਬਰਸਟ, ਬਲਜਿੰਦਰ ਸਿੰਘ ਚੌਂਦਾ ਅਤੇ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

    ਦੋ ਸਾਲ ਹੋ ਗਏ, ਚੁਣਾਵੀ ਮੈਨੀਫੈਸਟੋ ਵਿੱਚ ਲਿਖਤ ਵਾਅਦਾ ਨਹੀਂ ਨਿਭਾਇਆ

    ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਭਗਵੰਤ ਮਾਨ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲਾਂ ਵਾਂਗ ਦਲਾਲੀ ਬੰਨ੍ਹ ਲਈ ਹੈ। ਇਸੇ ਕਰ ਕੇ 3 ਸਾਲ ਬੀਤ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਾ ਤਾਂ ਬਿਜਲੀ ਕੰਪਨੀਆਂ ਦਾ ਆਡਿਟ ਕਰਵਾਇਆ ਨਾ ਬਾਦਲਾਂ ਵੱਲੋਂ ਕੀਤੇ ਗਏ ਮਹਿੰਗੇ ਅਤੇ ਇੱਕ ਪਾਸੜ ਬਿਜਲੀ ਖ਼ਰੀਦ ਸਮਝੌਤੇ ਰਿਵਿਊ ਕੀਤੇ ਗਏ ਨਾ ਹੀ ਰੱਦ ਕੀਤੇ ਗਏ। ਜਦਕਿ 2017 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਮੈਨੀਫੈਸਟੋ ਵਿਚ ਇਹ ਲਿਖਤ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਤੁਰੰਤ ਬਾਅਦ ਨਜਾਇਜ਼ ਸ਼ਰਤਾਂ ਵਾਲੇ ਬਿਜਲੀ ਸਮਝੌਤੇ ਰਿਵਿਊ ਕੀਤੇ ਜਾਣਗੇ, ਰੱਦ ਕੀਤੇ ਜਾਣਗੇ ਅਤੇ ਇਨ੍ਹਾਂ ਦਾ ਆਡਿਟ ਕਰਵਾਇਆ ਜਾਵੇਗਾ।

    ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਨਾ ਕਰਕੇ ਕੈਪਟਨ ਅਮਰਿੰਦਰ ਸਿੰਘ ਬਿਜਲੀ ਕੰਪਨੀਆਂ ਦੇ ਹੱਕ ‘ਚ ਬਾਦਲਾਂ ਤੋਂ ਵੀ ਅੱਗੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੋਲ ਅਜੇ ਵੀ ਮੌਕਾ ਹੈ ਕਿ ਉਹ ਇਸ ਬਜਟ ਇਜਲਾਸ ਦੌਰਾਨ ਸਮਝੌਤੇ ਰੱਦ ਕਰਕੇ ਲੋਕਾਂ ਨੂੰ ਰਾਹਤ ਦਿਵਾਉਣ। ਜੇਕਰ ਅਜਿਹਾ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ 16 ਮਾਰਚ ਨੂੰ ਪਹਿਲਾਂ ਪਾਵਰ ਕਾਮ ਦੇ ਪਟਿਆਲਾ ਸਥਿਤ ਹੈੱਡਕੁਆਟਰ ਵਿਖੇ ਬਿਜਲੀ ਸਮਝੌਤਿਆਂ ਦੀਆਂ ਕਾਪੀਆਂ ਜਲਾਏਗੀ ਅਤੇ ਫੇਰ ਮੋਤੀ ਮਹਿਲ ਵੱਲ ਕੂਚ ਕਰ ਕੇ ਮੋਤੀ ਮਹਿਲ ਦਾ ਬਿਜਲੀ ਕੁਨੈਕਸ਼ਨ ਕੱਟੇਗੀ।