ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਦੋ ਵੱਡੇ ਥੰਮ ਸੁੱਟਣ ਵਾਲੀ ਜੀਵਨਜੋਤ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਫਿਲਹਾਲ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਜੀਵਨਜੋਤ ਕੌਰ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਵਿਧਾਇਕਾ ਜੀਵਨਜੋਤ ਨੇ ਇਸ ਸਬੰਧੀ ਡੀਜੀਪੀ ਵੀਕੇ ਭਾਵਰਾ ਤੇ ਸੀਪੀ ਅਰੁਣਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ।
ਇਸ ਸਾਰੇ ਮਾਮਲੇ ਵਿਚ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਛੇਹਰਟਾ ਦੇ ਰਹਿਣ ਵਾਲੇ ਸਿਕੰਦਰ ਸਿੰਘ ਖ਼ਿਲਾਫ਼ ਥਾਣਾ ਮਕਬੂਲਪੁਰਾ ‘ਚ ਕੇਸ ਦਰਜ ਕਰ ਲਿਆ ਹੈ । ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮਹਿਲਾ ਵਿਧਾਇਕ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਨੂੰ ਸੂਚਨਾ ਮਿਲੀ ਸੀ ਕਿ ਸਿਕੰਦਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਫੇਸਬੁੱਕ ’ਤੇ ਆਈਡੀ ਬਣਾਈ ਹੈ। ਆਰੋਪੀ ਆਪਣੀ ਆਈਡੀ ਰਾਹੀਂ ਉਸ ‘ਤੇ ਭੱਦੀਆਂ ਤੇ ਅਸ਼ਲੀਲ ਟਿੱਪਣੀਆਂ ਕਰ ਰਿਹਾ ਹੈ। ਇਸ ਸਬੰਧੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ।