ਪੰਜਾਬ ਜ਼ਿਮਨੀ ਚੋਣਾਂ ‘ਚ ਜਿੱਤ ‘ਤੇ ਕੱਢੀ ‘ਆਪ’ ਦੀ ਸ਼ੁਕਰਾਨਾ ਯਾਤਰਾ ਦਾ ਲੁਧਿਆਣਾ ‘ਚ ਸ਼ਾਨਦਾਰ ਸਵਾਗਤ

0
1324

ਲੁਧਿਆਣਾ, 26 ਨਵੰਬਰ | ਪੰਜਾਬ ਵਿਚ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਉਪ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਦਾ ਜਸ਼ਨ ਮਨਾਉਣ ਲਈ ਅੱਜ (26 ਨਵੰਬਰ) ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ। ਸੂਬਾ ਪ੍ਰਧਾਨ ਅਮਨ ਅਰੋੜਾ ਦੀ ਦੇਖ-ਰੇਖ ਹੇਠ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਯਾਤਰਾ ਲੁਧਿਆਣਾ ਪਹੁੰਚ ਗਈ ਹੈ, ਜੋ ਸ਼ਾਮ ਨੂੰ ਅੰਮ੍ਰਿਤਸਰ ਪਹੁੰਚ ਕੇ ਸਮਾਪਤ ਹੋਵੇਗੀ। ਸਾਫ਼ ਹੈ ਕਿ ਸੀਐਮ ਭਗਵੰਤ ਮਾਨ ਤੋਂ ਬਾਅਦ ਪਾਰਟੀ ਹੁਣ ਦੂਜੀ ਕਤਾਰ ਦੀ ਤਿਆਰੀ ਕਰ ਰਹੀ ਹੈ।

ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਜ਼ਿਮਨੀ ਚੋਣ ਵਿਚ ਮਿਲੀ ਜਿੱਤ ਲਈ ਵਰਕਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਪਾਰਟੀ ਵੱਲੋਂ ਕੀਤੇ ਵਾਅਦੇ ਆਉਣ ਵਾਲੇ ਸਮੇਂ ਵਿਚ ਪੂਰੇ ਕੀਤੇ ਜਾਣਗੇ। ਹਰ ਕਿਸੇ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ ਤਾਂ ਜੋ ਕੁਝ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਸਕੇ।

ਸੂਬੇ ਦੇ ਕਈ ਵਿਧਾਨ ਸਭਾ ਹਲਕਿਆਂ ਵਿਚ ਸ਼ੁਕਰਾਨਾ ਯਾਤਰਾ ਦਾ ਸਵਾਗਤ ਕੀਤਾ ਜਾ ਰਿਹਾ ਹੈ। ਪਾਰਟੀ ਨੇ ਜ਼ਿਮਨੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ, ਪਾਰਟੀ ਕੋਲ ਹੁਣ ਕੁੱਲ 95 ਵਿਧਾਇਕ ਹਨ। ਨਗਰ ਨਿਗਮ ਤੇ ਕਾਊਂਸਲ ਚੋਣਾਂ ਤੋਂ ਪਹਿਲਾਂ ‘ਆਪ’ ਪਾਰਟੀ ਵਰਕਰਾਂ ‘ਚ ਇਸ ਬਹਾਨੇ ਜੋਸ਼ ਭਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਯਾਤਰਾ ਉਨ੍ਹਾਂ ਵਿਰੋਧੀਆਂ ਨੂੰ ਵੀ ਜਵਾਬ ਹੈ, ਜੋ ਹਮੇਸ਼ਾ ਹੀ ‘ਆਪ’ ਪੰਜਾਬ ‘ਤੇ ਵੰਨ ਮੈਨ ਸ਼ੋਅ ਹੋਣ ਦਾ ਦੋਸ਼ ਲਗਾਉਂਦੇ ਰਹੇ ਹਨ।

ਹਿੰਦੂ ਚਿਹਰੇ ਅਮਨ ਅਰੋੜਾ ਨੂੰ ਪ੍ਰਧਾਨ ਬਣਾ ਕੇ ਪਾਰਟੀ ਦਿੱਲੀ ਵਿਚ ਹੋਣ ਵਾਲੀਆਂ ਚੋਣਾਂ ਅਤੇ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਸਿਵਲ ਚੋਣਾਂ ਤੋਂ ਪਹਿਲਾਂ ਹਿੰਦੂ ਵੋਟਰਾਂ ਨੂੰ ਆਪਣੇ ਹੱਕ ਵਿਚ ਲੁਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿਚ ਦੂਜੀ ਲਾਈਨ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੰਦੇਸ਼ ਜਾਵੇ ਕਿ ਆਮ ਆਦਮੀ ਪਾਰਟੀ ਇੱਕ ਸੰਗਠਨ ਵਾਂਗ ਕੰਮ ਕਰ ਰਹੀ ਹੈ। ਸਾਢੇ ਤਿੰਨ ਸਾਲਾਂ ਵਿਚ ਪਾਰਟੀ ਦੀ ਇਹ ਪਹਿਲੀ ਅਜਿਹੀ ਫੇਰੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)