ਫਿਰੋਜ਼ਪੁਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਤਲਵੰਡੀ ਭਾਈ ਵਿਖੇ ਦਿਨ-ਦਿਹਾੜੇ ਇਕ ਆੜ੍ਹਤੀਏ ਦੀ ਹੱਤਿਆ ਦੇ ਵਿਰੋਧ ਵਿਚ ਲੋਕਾਂ ਨੇ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਸ਼ਾਂਤ ਕੀਤਾ ਪਰ ਦੁਕਾਨਦਾਰਾਂ ਦਾ ਦੋਸ਼ ਹੈ ਕਿ ਕਈ ਮਹੀਨਿਆਂ ਤੋਂ ਗੈਂਗਸਟਰਾਂ ਵੱਲੋਂ ਫਿਰੌਤੀ ਦੇ ਫੋਨ ਆ ਰਹੇ ਹਨ ਪਰ ਪੁਲਿਸ ਹੁਣ ਤੱਕ ਲੋਕਾਂ ਨੂੰ ਸੁਰੱਖਿਆ ਦੇਣ ਵਿਚ ਕਾਮਯਾਬ ਨਹੀਂ ਹੋ ਸਕੀ। ਦੁਕਾਨਦਾਰਾਂ ਦਾ ਦੋਸ਼ ਹੈ ਕਿ ਜੇਕਰ ਪੁਲਿਸ ਨੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਪ੍ਰੇਮ ਕੁਮਾਰ ਦਾ ਕਤਲ ਨਾ ਹੁੰਦਾ।
ਦੱਸ ਦਈਏ ਕਿ ਅੱਜ ਦੁਪਹਿਰ ਸਮੇਂ ਤਲਵੰਡੀ ਭਾਈ ਕਸਬੇ ਦੀ ਪੁਰਾਣੀ ਦਾਣਾ ਮੰਡੀ ‘ਚ ਇਕ ਦੁਕਾਨ ‘ਤੇ 9 ਐਮਐਮ ਪਿਸਤੌਲ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਕੇ ਆੜ੍ਹਤੀਏ ਪ੍ਰੇਮ ਕੁਮਾਰ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਆੜ੍ਹਤੀਏ ਅਮੀ ਲਾਲ ਛਾਬੜਾ ਦੀ ਸ਼ਿਕਾਇਤ ’ਤੇ 2 ਅਣਪਛਾਤੇ ਕਾਤਲਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪ੍ਰੇਮ ਕੁਮਾਰ ਕਤਲਕਾਂਡ ਕਾਰਨ ਦੁਕਾਨਦਾਰਾਂ ਵਿਚ ਵੀ ਦਹਿਸ਼ਤ ਦਾ ਮਾਹੌਲ ਹੈ, ਜਿਸ ਕਾਰਨ ਦੁਕਾਨਦਾਰਾਂ ਨੇ ਰੋਸ ਵਜੋਂ ਸ਼ਨੀਵਾਰ ਨੂੰ ਆਪਣੀਆਂ ਦੁਕਾਨਾਂ ਨਹੀਂ ਖੋਲ੍ਹੀਆਂ। ਇਸ ਦੇ ਨਾਲ ਹੀ ਬਾਜ਼ਾਰ ਬੰਦ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਅਜਿਹੇ ਵਿਚ ਇਕ ਵੱਡਾ ਸਵਾਲ ਇਹ ਖੜ੍ਹਾ ਹੋ ਰਿਹਾ ਹੈ ਕਿ ਪੁਲਿਸ ਕਦੋਂ ਤੱਕ ਅਪਰਾਧਿਕ ਲੋਕਾਂ ‘ਤੇ ਲਗਾਮ ਕੱਸੇਗੀ ਤਾਂ ਜੋ ਲੋਕ ਸਾਫ਼-ਸੁਥਰੇ ਮਾਹੌਲ ਵਿੱਚ ਕਾਰੋਬਾਰ ਕਰ ਸਕਣ। ਥਾਣਾ ਤਲਵੰਡੀ ਭਾਈ ਦੀ ਇੰਚਾਰਜ ਸ਼ਿਮਲਾ ਰਾਣੀ ਦਾ ਕਹਿਣਾ ਹੈ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰੇਮ ਕੁਮਾਰ ਕਤਲ ਕੇਸ ਵਿਚ ਜੋ ਵੀ ਦੋਸ਼ੀ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿਚ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਵੀ ਦਾਅਵਾ ਕੀਤਾ ਹੈ ਕਿ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲੇ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)