ਵਿਧਾਨ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ ‘ਤੇ ਸਖ਼ਤ ਨਜ਼ਰ ਰੱਖਣ ਲਈ ਪ੍ਰਸ਼ਾਸਨ – ਡੀ ਸੀ

0
2472

ਨਵਾਂਸ਼ਹਿਰ | ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅੱਜ ਇੱਥੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ ‘ਤੇ ਪੂਰੀ ਨਜ਼ਰ ਰੱਖੀ ਜਾਵੇਗੀ।

ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਕੇਸਾਂ ਦੀ ਨਿਗਰਾਨੀ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੀ ਮਾਲਕੀ ਵਾਲੇ ਚੈਨਲਾਂ ‘ਤੇ ਪ੍ਰਸਾਰਿਤ ਹੋਣ ਵਾਲੇ ਰਾਜਨੀਤਕ ਕੰਟੈਂਟ ‘ਤੇ ਵੀ ਵਿਸ਼ੇਸ਼ ਨਿਗ੍ਹਾ ਰੱਖੀ ਜਾਵੇਗੀ। ਇਸ ਤੋਂ ਇਲਾਵਾ ਮੀਡੀਆ ਵਿੱਚ ਇਨ੍ਹਾਂ ਇਸ਼ਤਿਹਾਰਾਂ ਦੇ ਖਰਚੇ ਨਾਮਜ਼ਦਗੀ ਭਰਨ ਦੀ ਮਿਤੀ ਤੋਂ ਉਮੀਦਵਾਰਾਂ ਦੇ ਖਾਤੇ ਵਿੱਚ ਸ਼ਾਮਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਇਹ ਕਮੇਟੀ ਇਸੇ ਲਈ ਬਣਾਈ ਹੈ ਜੋ ਨਿਊਜ਼ ਚੈਨਲਾਂ, ਅਖਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਖਬਰਾਂ ‘ਤੇ ਸਖਤ ਨਜ਼ਰ ਰੱਖੇਗੀ।

ਸਾਰੰਗਲ ਨੇ ਕਿਹਾ ਕਿ ਅਜਿਹੀ ਸਮਾਚਾਰ ਅਤੇ ਇਸ਼ਤਿਹਾਰ ਸਮੱਗਰੀ ਨੂੰ ਰੋਕਣ ਲਈ ਸਾਰੇ ਮੈਂਬਰਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਮੇਟੀ ਚੋਣ ਪ੍ਰਕਿਰਿਆ ਦੌਰਾਨ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ, ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਖ਼ਬਰਾਂ ਅਤੇ ਵਿਸ਼ੇਸ਼ਤਾਵਾਂ ‘ਤੇ ਨਜ਼ਰ ਰੱਖੇਗੀ।

ਉਨ੍ਹਾਂ ਕਿਹਾ ਕਿ ਕਮੇਟੀ ਇਲੈਕਟ੍ਰਾਨਿਕ ਮੀਡੀਆ ‘ਚ ਜਾਣ ਵਾਲੇ ਇਸ਼ਤਿਹਾਰਾਂ ਦੀ ਤਸਦੀਕ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਖ਼ਬਰਾਂ ਦੀ ਨਿਗਰਾਨੀ ਅਤੇ ਚੋਣ ਮੈਦਾਨ ਵਿੱਚ ਖੜ੍ਹੇ ਉਮੀਦਵਾਰਾਂ ਦੀਆਂ ਚੋਣਾਂ ਨਾਲ ਸਬੰਧਤ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਕਮੇਟੀ ਉਮੀਦਵਾਰਾਂ ਵੱਲੋਂ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ‘ਤੇ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਨਿਗਰਾਨੀ ਕਰਨ ਵਿੱਚ ਮਦਦ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਕਮੇਟੀ ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਦੁਆਰਾ ਪ੍ਰਸਾਰਿਤ ਕੀਤੇ ਜਾਣ ਵਾਲੇ ਇਸ਼ਤਿਹਾਰਾਂ ਦੀ ਸਮੱਗਰੀ ਨੂੰ ਇਲੈਕਟ੍ਰਾਨਿਕ ਮੀਡੀਆ ਨੂੰ ਜਾਰੀ ਕਰਨ ਤੋਂ ਪਹਿਲਾਂ ਤਸਦੀਕ ਕਰੇਗੀ।

ਇਸ ਦੌਰਾਨ ਪ੍ਰਸ਼ਾਸਨ ਵੱਲੋਂ ਐਸ.ਡੀ.ਐਮ. ਨਵਾਂਸ਼ਹਿਰ ਡਾ: ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਐਮ.ਸੀ.ਐਮ.ਸੀ. ਦੇ ਮੈਂਬਰਾਂ ਲਈ ਇੱਕ ਸਿਖਲਾਈ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਵੀਇੰਦਰ ਸਿੰਘ ਮੱਕੜ, ਸਹਾਇਕ ਲੋਕ ਸੰਪਰਕ ਅਫਸਰ ਜਤਿੰਦਰ ਕੋਹਲੀ, ਪਿ੍ੰਸੀਪਲ ਸੁਰਿੰਦਰ ਅਗਨੀਹੋਤਰੀ, ਚੋਣ ਕਾਨੂੰਗੋ ਪਲਵਿੰਦਰ ਸਿੰਘ ਤੇ ਦਲਜੀਤ ਸਿੰਘ, ਲੈਕਚਰਾਰ ਪਰਮੋਦ ਭਾਰਤੀ, ਓਮਕਾਰ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ, ਰਾਜਵਿੰਦਰ ਲੱਖਾ, ਓਮ ਪ੍ਰਕਾਸ਼, ਸੁਰਿੰਦਰ ਪਾਲ, ਅੰਮ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ |

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ