ਵੱਡੀ ਖਬਰ – ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ

0
141

ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜ਼ਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖਿਲਾਫ ਸ਼ਿਕਾਇਤਕਰਤਾ ਪੱਪੂ ਸਿੰਘ ਵਾਸੀ ਪਿੰਡ ਬਾਗੜੀਆਂ, ਜਿਲਾ ਮਲੇਰਕੋਟਲਾ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਇੱਕ ਕੇਸ ਵਿੱਚ ਉਸਦੀ ਮੱਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।