ਮੁੰਬਈ, 18 ਦਸੰਬਰ | ਪਾਕਿਸਤਾਨ ‘ਚ ਲੁਕੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨੂੰ ਜ਼ਹਿਰ ਦੇਣ ਦੀ ਖਬਰ ਨੇ ਪਾਕਿਸਤਾਨ ‘ਚ ਹਲਚਲ ਮਚਾ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਾਊਦ ਨੂੰ ਜ਼ਹਿਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਦਾਊਦ ਦੀ ਖਬਰ ਤੋਂ ਬਾਅਦ ਪੂਰੇ ਪਾਕਿਸਤਾਨ ‘ਚ ਇੰਟਰਨੈੱਟ ਬੰਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਈ ਲੋਕ ਦਾਅਵਾ ਕਰ ਰਹੇ ਹਨ ਕਿ ਦਾਊਦ ਦੀਆਂ ਖ਼ਬਰਾਂ ਨੂੰ ਛੁਪਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ ਸਰਕਾਰ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਕਦਮ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਵਰਚੁਅਲ ਰੈਲੀ ਦੇ ਕਾਰਨ ਚੁੱਕਿਆ ਗਿਆ ਹੈ ਤਾਂ ਜੋ ਕੋਈ ਹਿੰਸਕ ਘਟਨਾ ਨਾ ਵਾਪਰੇ।
ਪਾਕਿਸਤਾਨ ‘ਚ ਇੰਟਰਨੈੱਟ ਬੰਦ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਇਮਰਾਨ ਦੀ ਰੈਲੀ ਤੋਂ ਪਹਿਲਾਂ ਹੀ ਇੰਟਰਨੈੱਟ ਸਲੋਡ ਕਰ ਦਿੱਤਾ ਗਿਆ ਸੀ। ਪਾਕਿਸਤਾਨ ਦੂਰਸੰਚਾਰ ਅਥਾਰਟੀ ਵੱਲੋਂ ਇੰਟਰਨੈੱਟ ਬੰਦ ਹੋਣ ਦੀ ਖ਼ਬਰ ‘ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਸੋਸ਼ਲ ਮੀਡੀਆ ‘ਤੇ ਲੋਕ ਕਹਿ ਰਹੇ ਹਨ ਕਿ ਇੰਟਰਨੈੱਟ ਬੰਦ ਕਰਨਾ ਲੋਕਾਂ ਦੇ ਅਧਿਕਾਰਾਂ ਨੂੰ ਖੋਹਣ ਦੇ ਬਰਾਬਰ ਹੈ। ਬਹੁਤ ਸਾਰੇ ਸਮਾਜ ਸੇਵੀ ਇਸ ਨੂੰ ਸੂਚਨਾ ਦੇ ਅਧਿਕਾਰ ਦੀ ਉਲੰਘਣਾ ਦੱਸ ਰਹੇ ਹਨ, ਜਿਸ ਨਾਲ ਸੈਂਕੜੇ ਕਾਰੋਬਾਰੀਆਂ ਨੂੰ ਵੀ ਨੁਕਸਾਨ ਹੋ ਰਿਹਾ ਹੈ।







































