ਅਦਾਲਤੀ ਫੈਸਲੇ ਪਿੱਛੋਂ ਆਪਣੀ ਜ਼ਮੀਨ ‘ਤੇ ਕਬਜ਼ਾ ਲੈਣ ਗਏ ਦੇ ਸਿਰ ‘ਚ ਮਾਰੀਆਂ ਰਾਡਾਂ, ਹੋਈ ਮੌਤ

0
2163

ਬਠਿੰਡਾ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮੰਡੀ ਖੁਰਦ ਵਿਚ ਜ਼ਮੀਨੀ ਝਗੜੇ ਕਾਰਨ ਦਰਜਨ ਭਰ ਵਿਅਕਤੀਆਂ ਨੇ ਇੱਕ ਬੰਦੇ ਅਤੇ ਉਸ ਦੇ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਪਛਾਣ ਗੁਰਮੀਤ ਸਿੰਘ ਵਜੋਂ ਹੋਈ ਹੈ ਜਦੋਂਕਿ ਮ੍ਰਿਤਕ ਦੀ ਪਤਨੀ ਸਮੇਤ 3 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਮ੍ਰਿਤਕ ਗੁਰਮੀਤ ਸਿੰਘ ਦਾ ਮੰਡੀ ਖੁਰਦ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਕਰੀਬ ਸਾਢੇ ਚਾਰ ਏਕੜ ਜ਼ਮੀਨ ਦਾ ਵਿਵਾਦ ਹਾਈਕੋਰਟ ਵਿਚ ਚੱਲ ਰਿਹਾ ਸੀ, ਜਿਸ ਦਾ ਫੈਸਲਾ ਮ੍ਰਿਤਕ ਗੁਰਮੀਤ ਸਿੰਘ ਦੇ ਹੱਕ ਵਿਚ ਹੋਇਆ। ਹਾਈਕੋਰਟ ਤੋਂ ਜ਼ਮੀਨ ਸਬੰਧੀ ਫੈਸਲੇ ਤੋਂ ਬਾਅਦ ਉਹ ਆਪਣੀ ਪਤਨੀ ਅਤੇ ਹੋਰ ਰਿਸ਼ਤੇਦਾਰਾਂ ਸਮੇਤ ਜ਼ਮੀਨ ਦਾ ਕਬਜ਼ਾ ਲੈਣ ਲਈ ਪਿੰਡ ਮੰਡੀ ਖੁਰਦ ਪੁੱਜਾ ਸੀ।

ਉਹ ਖੇਤਾਂ ਵਿੱਚ ਸੀ। ਇਸ ਦੌਰਾਨ ਜਸਵਿੰਦਰ ਸਿੰਘ ਇੱਕ ਦਰਜਨ ਅਣਪਛਾਤੇ ਵਿਅਕਤੀਆਂ ਸਮੇਤ ਗੱਡੀਆਂ ਵਿਚ ਸਵਾਰ ਹੋ ਕੇ ਪਹੁੰਚ ਗਿਆ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰਾਂ ਤੋਂ ਇਲਾਵਾ ਲੋਹੇ ਦੀਆਂ ਰਾਡਾਂ ਅਤੇ ਸੋਟੀਆਂ ਵੀ ਸਨ। ਹਮਲਾਵਰਾਂ ਨੇ ਗੁਰਮੀਤ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਵਿਚ ਗੁਰਮੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਜਦੋਂ ਗੁਰਮੀਤ ਸਿੰਘ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਇਸ ਹਮਲੇ ‘ਚ ਮ੍ਰਿਤਕ ਦੀ ਪਤਨੀ ਤੋਂ ਇਲਾਵਾ ਤਿੰਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਦੂਜੇ ਪਾਸੇ ਐਸਪੀ ਹੈੱਡਕੁਆਰਟਰ ਗੁਰਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਟੀਮਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ। ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।