ਮੋਹਾਲੀ, 4 ਅਕਤੂਬਰ | ਪੰਜਾਬ ਪੁਲਿਸ ਅਤੇ ਏ.ਜੀ.ਟੀ.ਐਫ ਪੰਜਾਬ ਨਾਲ ਇਕ ਸਾਂਝੇ ਆਪ੍ਰੇਸ਼ਨ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਬੰਬੀਹਾ ਗੈਂਗ ਦੇ 2 ਸਾਥੀਆਂ ਅਵਤਾਰ ਸਿੰਘ ਗੋਰਾ ਅਤੇ ਅਜੇ ਕੁਮਾਰ ਪ੍ਰੀਤ ਸ਼ਰਮਾ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਅਵਤਾਰ ਗੋਰਾ ਗੈਂਗਸਟਰ ਗੁਰਬਖਸ਼ ਸੇਵੇਵਾਲ ਦਾ ਕਰੀਬੀ ਸਾਥੀ ਹੈ। ਅਵਤਾਰ ਸਨਸਨੀਖੇਜ਼ ਦੋਹਰੇ ਕਤਲਕਾਂਡ ਦਾ ਮੁਲਜ਼ਮ ਹੈ।
ਪੁਲਿਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਦੋਵੇਂ ਦੋਸ਼ੀ ਗੈਂਗ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ, ਟਿਕਾਣੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਿਚ ਸ਼ਾਮਲ ਸਨ। ਬੰਬੀਹਾ ਗੈਂਗ ਦੇ ਮੈਂਬਰਾਂ ਵੱਲੋਂ ਸੂਬੇ ਵਿਚ ਖ਼ਤਰਨਾਕ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਜਾ ਰਹੀ ਸੀ। ਗ੍ਰਿਫਤਾਰ ਕੀਤੇ ਦੋਵੇਂ ਮੁਲਜ਼ਮਾਂ ਕੋਲੋਂ 4 ਪਿਸਤੌਲ ਅਤੇ 16 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।