ਚੰਡੀਗੜ੍ਹ, 10 ਅਕਤੂਬਰ | ਪੰਜਾਬ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਮਾਮਲੇ ਵਿਚ ਪੰਜਾਬ ਪੁਲਿਸ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿਤੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾਈ ਹੈ। ਇਸ ਤੋਂ 4 ਦਿਨ ਪਹਿਲਾਂ ਹੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਹੁਣ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 16 ਅਕਤੂਬਰ ਤੈਅ ਕੀਤੀ ਗਈ ਹੈ। ਭ੍ਰਿਸ਼ਟਾਚਾਰ ਮਾਮਲੇ ਵਿਚ ਵਿਜੀਲੈਂਸ ਬਿਊਰੋ ਵੱਲੋਂ ਰਾਜਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ।
ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿਚ ਬਰਖ਼ਾਸਤ ਏ.ਆਈ.ਜੀ. ਰਾਜਜੀਤ ਹੁੰਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ ਰਾਜਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਉਸ ਨੂੰ ਰੋਜ਼ਾਨਾ ਜਾਂਚ ਅਧਿਕਾਰੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ।
ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਖ਼ਾਸਤ ਏ.ਆਈ.ਜੀ. ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਦੱਸ ਦਈਏ ਕਿ ਮਾਰਚ ਵਿਚ ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਕੇਸ ਦੀ ਜਾਂਚ ਰਿਪੋਰਟ ਤੋਂ ਬਾਅਦ ਸਰਕਾਰ ਨੇ ਸਾਬਕਾ ਐਸ.ਐਸ.ਪੀ. ਰਾਜਜੀਤ ਹੁੰਦਲ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਅਪ੍ਰੈਲ ਵਿਚ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਬਰਖਾਸਤ ਕੀਤੇ ਜਾਣ ਤੋਂ ਬਾਅਦ ਤੋਂ ਉਹ ਫਰਾਰ ਹਨ। ਦੱਸ ਦਈਏ ਕਿ ਡਰੱਗ ਦੇ ਮਾਮਲੇ ‘ਚ ਬਰਖ਼ਾਸਤ ਹੋਏ ਏ. ਆਈ. ਜੀ. ਰਾਜਜੀਤ ਸਿੰਘ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ।