ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਅਕਾਲੀ ਦਲ ਅਤੇ ਬਸਪਾ ਇਕੱਠੇ ਜਲੰਧਰ ਵਿਚ ਲੜਨਗੇ। ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ 1 ਅਪ੍ਰੈਲ ਨੂੰ ਜਲੰਧਰ ਲੋਕ ਸਭਾ ਉਪ ਚੋਣ ਸਬੰਧੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਅਕਾਲੀ-ਬਸਪਾ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਲਿਆ ਗਿਆ।
ਜਲਦ ਹੀ ਅਕਾਲੀ-ਬਸਪਾ ਤਾਲਮੇਲ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ। ਇਸ ਵਿਚ ਅਗਲੀਆਂ ਚੋਣਾਂ ਸਬੰਧੀ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੂੰ ਜਲੰਧਰ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਦੀ ਚੋਣ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਅਕਾਲੀ ਦਲ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਅਮਨ-ਸ਼ਾਂਤੀ, ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਹੱਕਾਂ ਦੇ ਨਾਂ ‘ਤੇ ਲੜੀਆਂ ਜਾਣਗੀਆਂ। ਪਾਰਟੀ ਆਗੂਆਂ ਨੇ ਚੋਣਾਂ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਹਨ।
ਦਿਨ ਭਰ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਪੰਥ, ਪਾਰਟੀ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਕੋਰ ਕਮੇਟੀ, ਹਲਕਾ/ਜ਼ਿਲ੍ਹਾ ਲੀਡਰਸ਼ਿਪ ਅਤੇ ਪੰਥਕ ਸਲਾਹਕਾਰ ਬੋਰਡ ਦੇ ਸਮੂਹ ਮੈਂਬਰਾਂ ਨੇ ਹਰੇਕ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ।