ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਤੇ ਉਹਨਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ ਜਿਸ ਮਗਰੋਂ ਉਹਨਾਂ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਇਹ ਐਲਾਨ ਕਰਦਿਆਂ ਅਕਾਲੀ ਦਲ ਦੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਬੀਬੀ ਜਗੀਰ ਕੌਰ ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਸਪਸ਼ਟ ਕਰਨ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਉਂਦੀਆਂ ਚੋਣਾਂ ਨਹੀਂ ਲੜਨਗੇ। ਜੇਕਰ ਉਹਨਾਂ ਨੇ ਇਹ ਸਪਸ਼ਟੀਕਰਨ ਨਾ ਦਿੱਤਾ ਫਿਰ ਪਾਰਟੀ ਉਹਨਾਂ ਦੇ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ ਕਿਉਂਕਿ ਪਾਰਟੀ ਦੇ ਅਨੁਸ਼ਾਸਨ ਤੋਂ ਉਪਰ ਕੋਈ ਨਹੀਂ ਹੈ।
ਵੇਰਵੇ ਸਾਂਝੇ ਕਰਦਿਆਂ ਸਰਦਾਰ ਮਲੂਕਾ ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਬੀਬੀ ਜਗੀਰ ਕੌਰ ਪਿਛਲੇ 4 ਮਹੀਨਿਆਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਲੱਗੇ ਹੋਏ ਹਨ ਤੇ ਉਹ ਅਕਾਲੀ ਦਲ ਦੇ ਖਿਲਾਫ ਤਾਕਤਾਂ ਨਾਲ ਰਲ ਕੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦਾ ਬਹੁਤ ਯਤਨ ਕੀਤਾ ਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਉਹਨਾਂ ਨਾਲ 3ਘੰਟੇ ਲੰਬੀ ਮੀਟਿੰਗ ਵੀ ਕੀਤੀ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਨਾਲ ਮੁਲਾਕਾਤ ਕੀਤੀ ਪਰ ਉਹ ਸ਼੍ਰੋਮਣੀ ਕਮੇਟੀ ਚੋਣਾਂ ਲੜਨ ’ਤੇ ਅੜੇ ਹੋਏ ਹਨ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਪਾਰਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਵੀ ਸ਼ਿਕਾਇਤਾਂ ਮਿਲੀਆਂ ਹਨ ਕਿ ਬੀਬੀ ਜਗੀਰ ਕੌਰ ਉਹਨਾਂ ’ਤੇ ਦਬਾਅ ਬਣਾ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਚੋਣ ਵਿਚ ਉਹਨਾਂ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਮੀਡੀਆ ਵਿਚ ਆਏ ਬਿਆਨ ਵੀ ਸੰਕੇਤ ਦਿੰਦੇ ਹਨ ਕਿ ਉਹ ਪਾਰਟੀ ਦੀ ਮਰਜ਼ੀ ਖਿਲਾਫ ਚੋਣਾਂ ਲੜਨ ਲਈ ਬਜ਼ਿੱਦ ਹਨ।
ਇਸ ਦੌਰਾਨ ਸਰਦਾਰ ਮਲੂਕਾ ਨੇ ਇਹਵੀ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਹੋਈ ਮੀਟਿੰਗ ਵਿਚ ਸੀਨੀਅਰ ਆਗੂ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਉਹਨਾਂ ਨੂੰ ਜਾਰੀ ਨੋਟਿਸ ਦੇ ਜਵਾਬ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਪਰ ਇਸਨੁੰ ਤਸੱਲੀਬਖਸ਼ ਮਹਿਸੂਸ ਨਹੀਂ ਕੀਤਾ ਗਿਆ। ਸਰਦਾਰ ਮਲੂਕਾ ਨੇ ਦੱਸਿਆ ਕਿ ਅਸੀਂ ਉਹਨਾਂ ਨੂੰ ਕੀਤੀ ਬਿਆਨਬਾਜ਼ੀ ਤੇ ਕਾਰਵਾਈਆਂ ਲਈ ਆਪਣਾ ਪੱਖ ਰੱਖਣ ਦਾ ਇਕ ਹੋਰਮੌਕਾ ਦੇਵਾਂਗੇ ਤੇ ਇਸ ਮਗਰੋਂ ਵੀ ਕੋਈ ਕਾਰਵਾਈ ਕੀਤੀ ਜਾਵੇਗੀ।
ਕਮੇਟੀ ਦੀ ਮੀਟਿੰਗ ਵਿਚ ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਸਰਦਾਰ ਵਿਰਸਾ ਸਿੰਘ ਵਲਟੋਹਾ, ਡਾ. ਸੁਖਵਿੰਦਰ ਕੁਮਾਰ ਤੇ ਸਰਦਾਰ ਮਨਤਾਰ ਸਿੰਘ ਬਰਾੜ ਵੀ ਸ਼ਾਮਲ ਸਨ।