ਨਵੀਂ ਦਿੱਲੀ 10 ਫਰਵਰੀ | ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿਚ ਨਾਗਰਿਕਤਾ ਸੋਧ ਕਾਨੂੰਨ (CAA) ਲਾਗੂ ਕਰ ਦਿੱਤਾ ਜਾਵੇਗਾ। ਨਾਗਰਿਕਤਾ ਸੋਧ ਕਾਨੂੰਨ ‘ਤੇ ਅਮਿਤ ਸ਼ਾਹ ਨੇ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਚੋਣਾਂ ਤੋਂ ਪਹਿਲਾਂ ਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੀਏਏ ਕਿਸੇ ਤੋਂ ਨਾਗਰਿਕਤਾ ਖੋਹਣ ਵਾਲਾ ਕਾਨੂੰਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੀਏਏ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਜਦੋਂ ਕਈ ਦੇਸ਼ਾਂ ਵਿਚ ਘੱਟ ਗਿਣਤੀ ਲੋਕਾਂ ‘ਤੇ ਜ਼ੁਲਮ ਹੋ ਰਹੇ ਸਨ ਤਾਂ ਕਾਂਗਰਸ ਨੇ ਸ਼ਰਨਾਰਥੀਆਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਭਾਰਤ ਆ ਸਕਦੇ ਹਨ। ਉਨ੍ਹਾਂ ਨੂੰ ਇਥੋਂ ਦੀ ਨਾਗਰਿਕਤਾ ਦਿੱਤੀ ਜਾਵੇਗੀ ਪਰ ਹੁਣ ਕਾਂਗਰਸ ਆਪਣੇ ਸ਼ਬਦਾਂ ਤੋਂ ਪਿੱਛੇ ਹਟ ਰਹੀ ਹੈ।
ਗ੍ਰਹਿ ਮੰਤਰੀ ਨੇ ਕਿਹਾ ਕਿ ਸਾਡੇ ਦੇਸ਼ ਦੇ ਘੱਟ ਗਿਣਤੀ ਭਾਈਚਾਰਿਆਂ ਖਾਸ ਕਰਕੇ ਮੁਸਲਿਮ ਭਾਈਚਾਰੇ ਨੂੰ ਭੜਕਾਇਆ ਜਾ ਰਿਹਾ ਹੈ। CAA ਕਿਸੇ ਦੀ ਨਾਗਰਿਕਤਾ ਨਹੀਂ ਖੋਹ ਸਕਦਾ ਕਿਉਂਕਿ ਇਸ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ। CAA ਸਿਰਫ ਉਨ੍ਹਾਂ ਲੋਕਾਂ ਨੂੰ ਨਾਗਰਿਕਤਾ ਦੇਣ ਲਈ ਐਕਟ ਹੈ ਜੋ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿਚ ਅੱਤਿਆਚਾਰ ਦਾ ਸਾਹਮਣਾ ਕਰਨ ਤੋਂ ਬਾਅਦ ਇਥੇ ਆਏ ਹਨ। ਇਹ ਕਿਸੇ ਦੀ ਭਾਰਤੀ ਨਾਗਰਿਕਤਾ ਖੋਹਣ ਵਾਲਾ ਕਾਨੂੰਨ ਨਹੀਂ ਹੈ।