ਪਟਿਆਲਾ ‘ਚ ਅਮਿਤ ਸ਼ਾਹ ਦੀ ਰੈਲੀ 29 ਜਨਵਰੀ ਨੂੰ, ਵਿਰੋਧੀ ਧੀਰਾਂ ਨੂੰ ਲੱਗ ਸਕਦੈ ਵੱਡਾ ਝਟਕਾ

0
1332

ਪਟਿਆਲਾ | ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਵਿੱਚ ਵਿੱਤ ਮੰਤਰੀ ਰਹਿ ਚੁੱਕੇ ਮਨਪ੍ਰੀਤ ਬਾਦਲ ਬੁੱਧਵਾਰ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੰਜਾਬ ਵਿੱਚ ਭਾਜਪਾ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਹੁਣ ਕਾਂਗਰਸ ਨੇ ਮਨਪ੍ਰੀਤ ਕੈਂਪ ਦੇ ਆਗੂਆਂ ਨੂੰ ਰੋਕਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ 29 ਜਨਵਰੀ ਨੂੰ ਪਟਿਆਲਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਹੈ। ਸੂਤਰਾਂ ਮੁਤਾਬਕ ਮਨਪ੍ਰੀਤ ਬਾਦਲ ਦੇ ਖੇਮੇ ਦੇ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਦੋ ਵੱਡੇ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਬਾਦਲ ਨੇ ਰਾਹੁਲ ਗਾਂਧੀ ਨੂੰ ਮਿਲਣ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰ ਮਨਪ੍ਰੀਤ ਬਾਦਲ ਰਾਹੁਲ ਗਾਂਧੀ ਨੂੰ ਨਹੀਂ ਮਿਲ ਸਕੇ। ਇਸ ਤੋਂ ਬਾਅਦ ਹੀ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਯੋਜਨਾ ਬਣਾਈ। ਮਨਪ੍ਰੀਤ ਬਾਦਲ ਸਭ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਨਾਲ ਮੀਟਿੰਗ ਕਰਨ ਲਈ ਬੁੱਧਵਾਰ ਨੂੰ ਦਿੱਲੀ ਪੁੱਜੇ। ਮੀਟਿੰਗ ਤੋਂ ਕੁਝ ਸਮੇਂ ਬਾਅਦ ਹੀ ਉਹ ਭਾਜਪਾ ‘ਚ ਸ਼ਾਮਲ ਹੋ ਗਏ।

ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕੀਤਾ ਹੈ। ਇਹੀ ਕਾਰਨ ਹੈ ਕਿ ਪਾਰਟੀ ਹਰ ਕੀਮਤ ‘ਤੇ ਆਪਣਾ ਸਿਆਸੀ ਪ੍ਰਭਾਵ ਵਧਾਉਣਾ ਚਾਹੁੰਦੀ ਹੈ। ਹੁਣ ਉਸ ਦੀ ਨਜ਼ਰ ਵਿਰੋਧੀ ਪਾਰਟੀਆਂ ਦੇ ਨਾਰਾਜ਼ ਨੇਤਾਵਾਂ ‘ਤੇ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਤੋਂ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚ ਬੇਚੈਨੀ ਪੈਦਾ ਹੋ ਗਈ ਹੈ। ਮੁੱਖ ਕਾਰਨ ਇਹ ਹੈ ਕਿ ਸ਼ਾਹ ਦੀ ਰੈਲੀ ਵਿੱਚ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਆਗੂ ਭਾਜਪਾ ਦਾ ਹਿੱਸਾ ਹੋ ਸਕਦੇ ਹਨ।

ਪੰਜਾਬ ਦੀਆਂ ਦੋਵੇਂ ਵੱਡੀਆਂ ਪਾਰਟੀਆਂ ਦੇ ਆਗੂ ਵੀ ਇਸ ਬਾਰੇ ਅੰਦਰਖਾਤੇ ਜਾਣਕਾਰੀ ਹਾਸਲ ਕਰ ਰਹੇ ਹਨ। ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦਾ ਕੋਈ ਵੀ ਆਗੂ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।