ਹਰਿਆਣਾ | ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਹਰਿਆਣਾ ਦੇ ਕਰਨਾਲ ਦੇ ਪਿੰਡ ਦੋਚਰ ਵਿਖੇ ਪਹੁੰਚੇ। ਇਥੇ ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣਾ ਦਾ ਭਾਈਚਾਰਾ ਜੋ ਕਿਸਾਨ ਅੰਦੋਲਨ ਦੌਰਾਨ ਬਣਿਆ ਸੀ, ਹੁਣ ਸਰਕਾਰ ਉਸ ਨੂੰ ਤੋੜਨਾ ਚਾਹੁੰਦੀ ਹੈ ਪਰ ਅਸੀਂ ਆਪਣੀ ਭਾਈਚਾਰਕ ਸਾਂਝ ਨੂੰ ਖ਼ਰਾਬ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਨੌਜਵਾਨਾਂ ਵਿੱਚ ਕੋਈ ਫਰਕ ਨਹੀਂ ਹੈ।
ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸੂਰੀ ਕਤਲ ਕਾਂਡ ਵਿੱਚ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਹੁਣ ਹਾਲਾਤ ਇਹ ਬਣ ਗਏ ਹਨ ਕਿ ਪੰਜਾਬ ਵਿੱਚ ਕਿਸੇ ਖ਼ਿਲਾਫ਼ ਵੀ ਐਫਆਈਆਰ ਦਰਜ ਕੀਤੀ ਜਾਂਦੀ ਹੈ ਤਾਂ ਉਸ ਵਿੱਚ ਅੰਮ੍ਰਿਤਪਾਲ ਸਿੰਘ ਦਾ ਨਾਂ ਜੋੜਨਾ ਜ਼ਰੂਰੀ ਹੋ ਗਿਆ ਹੈ। ਮੈਂ ਇਸ ‘ਤੇ ਕੁਝ ਨਹੀਂ ਕਹਾਂਗਾ, ਜੋ ਵੀ ਹੋ ਰਿਹਾ ਹੈ ਪੰਜਾਬ ‘ਚ ਸਰਕਾਰ ਚਾਹੁੰਦੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅੱਜ ਵਾਰਿਸ ਪੰਜਾਬ ਸਭ ਤੋਂ ਵੱਧ ਸੁਰਖੀਆਂ ‘ਚ ਚੱਲ ਰਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਤੇ ਸਮੂਹ ਸੱਚ ਅਤੇ ਧਰਮ ਦੇ ਮਾਰਗ ‘ਤੇ ਚੱਲਦਾ ਹੈ ਤਾਂ ਮੁਸ਼ਕਿਲਾਂ ਵੀ ਆਉਂਦੀਆਂ ਹਨ ਅਤੇ ਸੁਰਖੀਆਂ ‘ਚ ਵੀ ਆਉਂਦੀਆਂ ਹਨ | ਉਨ੍ਹਾਂ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਸਰਕਾਰ ਉਨ੍ਹਾਂ ਲੋਕਾਂ ਨੂੰ ਨੌਕਰੀਆਂ ਦੇ ਰਹੀ ਹੈ ਜੋ ਸਿੱਖਾਂ ਦੇ ਖਿਲਾਫ ਬੋਲ ਰਹੇ ਹਨ। ਇਸ ਦੌਰਾਨ ਉਨ੍ਹਾਂ ਅੱਤਵਾਦੀ ‘ਤੇ ਬੋਲਦੇ ਹੋਏ ਕਿਹਾ ਕਿ ਜਦੋਂ ਅੰਗਰੇਜ਼ ਸੱਤਾ ‘ਚ ਸਨ ਤਾਂ ਉਨ੍ਹਾਂ ਖਿਲਾਫ ਲੜਨ ਵਾਲਿਆਂ ਨੂੰ ਵੀ ਅੱਤਵਾਦੀ ਕਿਹਾ ਜਾਂਦਾ ਸੀ। ਹੁਣ ਸਰਕਾਰ ਵਿਰੁੱਧ ਲੜਨ ਵਾਲਿਆਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ ਪਰ ਜਦੋਂ ਇਹ ਨਿਯਮ ਖਤਮ ਹੋ ਜਾਵੇਗਾ ਤਾਂ ਉਹ ਵੀ ਸ਼ਹੀਦ ਕਹਾਉਣਗੇ ।