ਅੰਮ੍ਰਿਤਸਰ| ਅੰਮ੍ਰਿਤਸਰ ਵਿਚ ਚਰਚ ਦੇ ਬਾਹਰ ਹੰਗਾਮਾ ਹੋ ਗਿਆ। ਮਾਨਾਂਵਾਲਾ ਵਿਚ ਚਰਚ ਵਿਚ ਭੰਨਤੋੜ ਦੀਆਂ ਖਬਰਾਂ ਸਾਹਮਣੇ ਆਈਆਂ ਹਨ, ਜਿਸ ਨਾਲ ਮਾਹੌਲ ਕਾਫੀ ਵਿਗੜ ਗਿਆ ਹੈ। ਮੌਕੇ ‘ਤੇ ਪੁੱਜੇ SSP ਨੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਪਿੰਡ ਰਾਜੇਵਾਲ ਦੇ ਕੋਲ ਚਰਚ ਵਿਚ ਕੁਝ ਨਿਹੰਗਾਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਤੇ ਭੰਨਤੋੜ ਕੀਤੀ ਗਈ। ਕਿਹਾ ਜਾ ਰਿਹਾ ਹੈ ਕਿ ਇਸਾਈ ਭਾਈਚਾਰੇ ਵੱਲੋਂ ਮੇਨ ਰੋਡ ਜਾਮ ਕਰਕੇ ਧਰਨਾ ਲਗਾ ਦਿੱਤਾ ਗਿਆ। ਉਨ੍ਹਾਂ ਦੀ ਮੰਗ ਹੈ ਕਿ ਦੋਸ਼ੀ ਨਿਹੰਗ ਜਥੇਬੰਦੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ।

ਇਸ ਦੌਰਾਨ ਇਸਾਈ ਭਾਈਚਾਰੇ ਦੇ ਆਗੂ ਜੋਨ ਕੋਟਲੀ ਨੇ ਕਿਹਾ ਕਿ ਇੰਨੀ ਮੰਦਭਾਗੀ ਘਟਨਾ ਹੈ ਕਿ ਅੱਜ ਸਵੇਰੇ 15 ਦੇ ਕਰੀਬ ਨਿਹੰਗ ਸਿੰਘ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੇ ਤਲਵਾਰਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਉਨ੍ਹਾਂ ਦੀਆਂ ਗੱਡੀਆਂ ਦੀ ਭੰਨ-ਤੋੜ ਕੀਤੀ। ਸਾਡੇ ਕਈ ਲੋਕ ਜ਼ਖਮੀ ਵੀ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਲ਼ੋਕ ਸ਼ਾਂਤਮਈ ਢੰਗ ਨਾਲ ਪ੍ਰਾਰਥਨਾ ਕਰ ਰਹੇ ਸਨ। ਸਾਡੇ ਧਰਮ ਗ੍ਰੰਥ ਦੀ ਬੇਅਦਬੀ ਕੀਤੀ ਹੈ, ਉਸ ਦੇ ਅੰਗ ਫਾੜੇ ਗਏ ਹਨ।

ਜੋਨ ਕੋਟਲੀ ਨੇ ਕਿਹਾ ਕਿ ਜਿਹੜੀ ਧਾਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ‘ਤੇ 307 ਲੱਗਦੀ ਹੈ, ਓਹੀ ਧਾਰਾ ਜਦੋਂ ਤੱਕ ਇਨ੍ਹਾਂ ਨਿਹੰਗ ਜਥੇਬੰਦੀਆਂ ਜੋ ਵਿਚ ਸ਼ਾਮਲ ਸਨ, ਬਾਬਾ ਮੇਜਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ‘ਤੇ ਲੱਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ 6 ਮਹੀਨੇ ਪਹਿਲਾਂ ਵੀ ਪਿੰਡ ਡੱਡੂਆਨੇ ਚਰਚ ਵਿਚ ਇਹ ਘਟਨਾ ਹੋਈ ਸੀ ਤੇ ਪੁਲਿਸ ਅਧਿਕਾਰੀਆਂ ਨੇ ਮਾਮਲਾ ਦਰਜ ਕੀਤਾ ਪਰ ਅੱਜ ਤੱਕ ਕਿਸੇ ਵੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਪੂਰੇ ਪੰਜਾਬ ਵਿਚ ਅਸੀਂ ਜਾਮ ਲਗਾ ਕੇ ਧਰਨੇ ਪ੍ਰਦਰਸ਼ਨ ਕਰਾਂਗੇ। ਇਸ ਮੌਕੇ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਵੀ ਮੌਕੇ ‘ਤੇ ਪੁੱਜੇ। ਉਨ੍ਹਾਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਅਸੀਂ ਬਿਆਨ ਲਿਖ ਕੇ ਕੇਸ ਦਰਜ ਕਰ ਰਹੇ ਹਾਂ। ਅਸੀਂ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ।