ਅੰਮ੍ਰਿਤਸਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਥਾਣਾ ਚਾਟੀਵਿੰਡ ਅਧੀਨ ਪੈਂਦੇ ਪਿੰਡ ਰਾਜੇਵਾਲ ਵਿਚ ਚਰਚ ’ਤੇ ਹੋਏ ਹਮਲੇ ਦੇ ਮਾਮਲੇ ਵਿਚ ਥਾਣਾ ਚਾਟੀਵਿੰਡ ਦੀ ਪੁਲਿਸ ਨੇ 15 ਨਿਹੰਗ ਸਿੰਘਾਂ ‘ਤੇ ਪਰਚਾ ਦਰਜ ਕੀਤਾ ਹੈ। SP ਜੁਗਰਾਜ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਨਿਹੰਗ ਰਣਜੀਤ ਸਿੰਘ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਫਿਲਹਾਲ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਚਰਚ ਦੀਆਂ ਸੰਗਤਾਂ ਨੇ ਘਟਨਾ ਵਾਲੀ ਥਾਂ ’ਤੇ 2 ਘੰਟੇ ਧਰਨਾ ਵੀ ਦਿੱਤਾ। ਐਸਐਸਪੀ ਸਤਿੰਦਰ ਸਿੰਘ ਅਤੇ ਐਸਪੀ ਜੁਗਰਾਜ ਸਿੰਘ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਦੱਸ ਦਈਏ ਕਿ 31 ਅਗਸਤ 2022 ਨੂੰ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿਖੇ ਕੈਥੋਲਿਕ ਚਰਚ ‘ਤੇ ਹਮਲਾ ਕਰਨ, ਈਸਾ ਮਸੀਹ ਅਤੇ ਮਰੀਅਮ ਦੀਆਂ ਮੂਰਤੀਆਂ ਦੀ ਭੰਨਤੋੜ ਕਰਨ ਅਤੇ ਪਾਦਰੀ ਦੀ ਕਾਰ ਨੂੰ ਅੱਗ ਲਾਉਣ ਦੇ ਮਾਮਲੇ ‘ਚ ਵੀ ਤਰਨਤਾਰਨ ਪੁਲਿਸ ਦੋਸ਼ੀਆਂ ਦਾ ਕੋਈ ਸੁਰਾਗ ਨਹੀਂ ਲੱਭ ਸਕੀ ਸੀ।
ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਇਕ ਵਾਹਨ ਵੀ ਕਬਜ਼ੇ ਵਿਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਨਿਹੰਗ ਰਣਜੀਤ ਸਿੰਘ ਨੇ ਆਪਣੇ 15-20 ਸਾਥੀਆਂ ਸਮੇਤ ਪਿੰਡ ਰਾਜੇਵਾਲ ਪਹੁੰਚ ਕੇ ਚਰਚ ‘ਤੇ ਹਮਲਾ ਕਰ ਦਿੱਤਾ ਸੀ। ਸ਼ਿਕਾਇਤਕਰਤਾ ਵਿਕਰਮ ਮਸੀਹ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮਾਂ ਨੇ ਚਰਚ ’ਤੇ ਹਮਲਾ ਕਰਕੇ ਉਨ੍ਹਾਂ ਦੀ ਧਾਰਮਿਕ ਗ੍ਰੰਥ ਦੀ ਬੇਅਦਬੀ ਕੀਤੀ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਾਫੀ ਇੱਟਾਂ-ਪੱਥਰ ਵੀ ਚੱਲੇ। ਦੋਸ਼ੀ ਨਿਹੰਗਾਂ ਨੇ ਉਥੇ ਹੀ ਤਲਵਾਰਾਂ ਲਹਿਰਾਈਆਂ ਤੇ 2 ਲੋਕਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਜਦੋਂ ਸੰਗਤ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਦੋਸ਼ੀ ਉਥੋਂ ਫਰਾਰ ਹੋ ਗਏ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਦੀ ਇਕ ਗੱਡੀ (ਛੋਟਾ ਹਾਥੀ) ਵੀ ਕਬਜ਼ੇ ਵਿਚ ਲੈ ਲਈ ਹੈ।