ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 4 ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋਗ੍ਰਾਮ ਹੈਰੋਇਨ, 60 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ।
ਇਸ ਮਾਮਲੇ ਵਿੱਚ ਥਾਣਾ ਛੇਹਰਟਾ ਅਤੇ ਥਾਣਾ ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਮੁਤਾਬਕ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ, ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਹੈ।








































