ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨੀ ਮਾਡਿਊਲ ਦਾ ਕੀਤਾ ਪਰਦਾਫਾਸ਼, ਪਾਕਿਸਤਾਨੀ ਸਮੱਗਲਰਾਂ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ

0
1837

ਅੰਮ੍ਰਿਤਸਰ | ਪੁਲਿਸ ਨੇ ਆਜ਼ਾਦੀ ਦਿਹਾੜੇ ‘ਤੇ ਚਲਾਏ ਗਏ ਵਿਸ਼ੇਸ਼ ਆਪ੍ਰੇਸ਼ਨ ਤਹਿਤ ਪਾਕਿਸਤਾਨੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਸੀ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਡੀਜੀਪੀ ਪੰਜਾਬ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਜਾਣਕਾਰੀ ਅਨੁਸਾਰ ਖੁਫੀਆ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC), ਅੰਮ੍ਰਿਤਸਰ ਨੇ ਰਾਜਵੰਤ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਤਸਕਰੀ ਵਿਚ ਸ਼ਾਮਲ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿਚ ਸੀ, ਜੋ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ।

ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 2 ਗਲਾਕ ਪਿਸਤੌਲ ਅਤੇ 2 ਮੈਗਜ਼ੀਨ ਬਰਾਮਦ ਹੋਏ। ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਮੁਲਜ਼ਮ ਵੱਲੋਂ ਪਹਿਲਾਂ ਕੀਤੀਆਂ ਗਈਆਂ ਸਮੱਗਲਿੰਗ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।