ਤਿਉਹਾਰਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਪੁਲਿਸ ਅਲਰਟ, DCP ਰਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ

0
1

ਅੰਮ੍ਰਿਤਸਰ: ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ੋਨ-1 ਦੇ ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੀ ਅਗਵਾਈ DCP ਲਾਅ ਐਂਡ ਆਰਡਰ ਰਵਿੰਦਰ ਪਾਲ ਸਿੰਘ ਨੇ ਕੀਤੀ। ਇਸ ਮੌਕੇ ADCP ਸਿਟੀ-1, ਸਬੰਧਤ ACP, SHO ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਰਹੇ।

ਮੀਡੀਆ ਨਾਲ ਗੱਲਬਾਤ ਕਰਦਿਆਂ DCP ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਖਰੀਦਦਾਰੀ ਕਰਨ ਵਾਲੇ ਲੋਕਾਂ ਅਤੇ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੀ ਸੰਗਤ ਦੀ ਗਿਣਤੀ ਵਧ ਰਹੀ ਹੈ। ਇਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਪੁਲਿਸ ਨੂੰ ਚੌਕਸ ਕੀਤਾ ਗਿਆ ਹੈ। ਫਲੈਗ ਮਾਰਚ ਦਾ ਮਕਸਦ ਆਮ ਲੋਕਾਂ ਅਤੇ ਵਪਾਰੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਵਿਸ਼ੇਸ਼ ਨਾਕਾਬੰਦੀ 24 ਘੰਟੇ ਜਾਰੀ ਰੱਖੀ ਜਾ ਰਹੀ ਹੈ। ਦਿਨ ਅਤੇ ਰਾਤ ਦੋਵਾਂ ਸਮੇਂ ਪੁਲਿਸ ਦੀ ਗਸ਼ਤ ਅਤੇ ਚੈਕਿੰਗ ਵਧਾਈ ਗਈ ਹੈ। ਭੀੜ ਵਾਲੇ ਇਲਾਕਿਆਂ, ਪਾਰਕਿੰਗ ਸਥਾਨਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਵੀ ਲਿਆ ਜਾ ਰਿਹਾ ਹੈ।

DCP ਨੇ ਦੱਸਿਆ ਕਿ ਤਿਉਹਾਰਾਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਸ਼ਹਿਰ ਦੇ ਮੁੱਖ ਦਾਖ਼ਲਾ ਮਾਰਗਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ।

ਉਨ੍ਹਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ ਵਾਹਨ ਨਿਰਧਾਰਤ ਪਾਰਕਿੰਗ ਸਥਾਨਾਂ ’ਤੇ ਹੀ ਖੜ੍ਹੇ ਕਰਨ ਅਤੇ ਗਲਤ ਪਾਰਕਿੰਗ ਤੋਂ ਬਚਣ, ਤਾਂ ਜੋ ਆਵਾਜਾਈ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਬਿਨਾਂ ਕਿਸੇ ਡਰ ਦੇ ਤਿਉਹਾਰ ਮਨਾਉਣ ਦੀ ਅਪੀਲ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਕੋਈ ਲਾਵਾਰਸ ਵਸਤੂ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ, ਸਬੰਧਤ ACP, ADCP ਜਾਂ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਰ ਸਮੇਂ ਤਿਆਰ ਹੈ।