ਅੰਮ੍ਰਿਤਸਰ, 10 ਜੁਲਾਈ | ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਪਾਕਿਸਤਾਨ ਨਾਲ ਜੁੜੇ ਇੱਕ ਕਥਿਤ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਹੁਣ ਤੱਕ ਕੁੱਲ 8 ਕਿਲੋ 378 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਪੁਲਿਸ ਮੁਤਾਬਕ ਇਹ ਹੈਰੋਇਨ ਕਥਿਤ ਤੌਰ ‘ਤੇ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਭਾਰਤੀ ਸਰਹੱਦ ਅੰਦਰ ਭੇਜੀ ਜਾਂਦੀ ਸੀ ਅਤੇ ਜਾਂਚ ਅਜੇ ਵੀ ਜਾਰੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਹਿਲੇ ਪੜਾਅ ਵਿੱਚ ਥਾਣਾ ਛਾਟਾ ਦੀ ਪੁਲਿਸ ਨੇ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ 2 ਕਿਲੋ ਹੈਰੋਇਨ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਹੋਰ 3 ਕਿਲੋ 10 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਤੋਂ ਬਾਅਦ ਇੱਕ ਹੋਰ ਆਪ੍ਰੇਸ਼ਨ ਵਿੱਚ 3 ਕਿਲੋ 368 ਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 8 ਕਿਲੋ 378 ਗ੍ਰਾਮ ਤੱਕ ਪਹੁੰਚ ਗਈ।

ਪੁਲਿਸ ਮੁਤਾਬਕ ਮੁੱਖ ਮੁਲਜ਼ਮ 28 ਸਾਲਾ ਲਵਪ੍ਰੀਤ ਸਿੰਘ, ਜੋ ਪਿੰਡ ਖਾਸਾ ਦਾ ਰਹਿਣ ਵਾਲਾ ਅਤੇ ਬੀ.ਏ. ਪਾਸ ਹੈ, ਖ਼ਿਲਾਫ਼ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੇ ਦੀ ਖੇਪ ਪਹਿਲਾਂ ਤੋਂ ਤੈਅ ਥਾਵਾਂ ‘ਤੇ ਸੁੱਟੀ ਜਾਂਦੀ ਸੀ, ਜਿਸ ਨੂੰ ਸਥਾਨਕ ਨੌਜਵਾਨ ਚੁੱਕ ਕੇ ਅੱਗੇ ਸਪਲਾਈ ਕਰਦੇ ਸਨ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਬੇਰੁਜ਼ਗਾਰੀ ਅਤੇ ਰਾਤੋ-ਰਾਤ ਅਮੀਰ ਬਣਨ ਦੀ ਲਾਲਸਾ ਕਾਰਨ ਕੁਝ ਨੌਜਵਾਨ ਨਸ਼ਾ ਤਸਕਰਾਂ ਦੇ ਜਾਲ ਵਿੱਚ ਫਸ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਸਹੀ ਕਾਊਂਸਲਿੰਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਕਈ ਸ਼ੱਕੀਆਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਨੋਟ: ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਅਤੇ ਹੋਰ ਦਾਅਵੇ ਪੰਜਾਬ ਪੁਲਿਸ ਦੀ ਮੁੱਢਲੀ ਜਾਂਚ ਅਤੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ ‘ਤੇ ਆਧਾਰਿਤ ਹਨ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਦਾਲਤ ਵਿੱਚ ਦੋਸ਼ ਸਾਬਤ ਹੋਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਨੂੰ ਕਾਨੂੰਨੀ ਤੌਰ ‘ਤੇ ਦੋਸ਼ੀ ਨਹੀਂ ਮੰਨਿਆ ਜਾਂਦਾ।