ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, AK-47 ਤੇ 2 ਹੈਂਡ ਗ੍ਰੇਨੇਡ ਬਰਾਮਦ

0
3

ਅੰਮ੍ਰਿਤਸਰ, 4 ਅਕਤੂਬਰ: ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਰਾਏ ਅਮਾਨਤ ਖਾਂ ਦੇ ਰਹਿਣ ਵਾਲੇ 28 ਸਾਲਾ ਨਵਜੋਤ ਸਿੰਘ ਚੀਮਾ ਉਰਫ਼ ਨਵਜੋਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਕੋਲੋਂ ਇੱਕ AK-47 ਰਾਈਫਲ, ਮੈਗਜ਼ੀਨ, 9 ਜ਼ਿੰਦਾ ਕਾਰਤੂਸ, 2 ਹੈਂਡ ਗ੍ਰੇਨੇਡ, ਇੱਕ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ।

ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਸੁੱਟੇ ਗਏ ਸਨ ਹਥਿਆਰ: ਆਈਜੀ

ਬਾਰਡਰ ਰੇਂਜ ਦੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਹਥਿਆਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨਾਲ ਜੁੜੇ ਕਥਿਤ ਹੈਂਡਲਰਾਂ ਅਤੇ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੇ ਗਏ ਸਨ। ਉਨ੍ਹਾਂ ਮੁਤਾਬਕ ਇਸ ਨੈੱਟਵਰਕ ਦੇ ਸੰਪਰਕ ਮੱਧ ਪੂਰਬੀ ਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਵੀ ਹੋਣ ਦਾ ਸ਼ੱਕ ਹੈ।

50 ਹਜ਼ਾਰ ਰੁਪਏ ਦੇਣ ਦਾ ਕੀਤਾ ਸੀ ਵਾਅਦਾ

ਪੁਲਿਸ ਅਨੁਸਾਰ ਮੁਲਜ਼ਮ ਨਵਜੋਤ ਸਿੰਘ ਟਰੱਕ ਡਰਾਈਵਰ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ ਕਿ ਉਹ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜਿਆ ਹੋਇਆ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਵਾਰ ਉਸ ਨੂੰ ਹਥਿਆਰਾਂ ਦੀ ਖੇਪ ਚੁੱਕ ਕੇ ਅੱਗੇ ਪਹੁੰਚਾਉਣ ਲਈ 50 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਉਸ ਨੂੰ ਹਾਲੇ ਤੱਕ ਕੋਈ ਪੈਸਾ ਨਹੀਂ ਮਿਲਿਆ ਸੀ।

ਪੁਲਿਸ ਮੁਤਾਬਕ ਮੁਲਜ਼ਮ ਨੂੰ ਇਹ ਹਥਿਆਰ ਗੁਆਂਢੀ ਜ਼ਿਲ੍ਹੇ ਵਿੱਚ ਇੱਕ ਅਣਪਛਾਤੇ ਵਿਅਕਤੀ ਤੱਕ ਪਹੁੰਚਾਉਣ ਲਈ ਕਿਹਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਕਿਸੇ ਵੱਡੀ ਵਾਰਦਾਤ ਦੀ ਸੰਭਾਵਨਾ ਨੂੰ ਟਾਲਿਆ ਗਿਆ।

ਪੁਲਿਸ ਟੀਮ ਦੀ ਕਾਰਵਾਈ ਦੀ ਕੀਤੀ ਸ਼ਲਾਘਾ

ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇਹ ਤੀਜੀ AK-47 ਰਾਈਫਲ ਬਰਾਮਦ ਕੀਤੀ ਗਈ ਹੈ। ਉਨ੍ਹਾਂ ਨੇ ਹੈਂਡ ਗ੍ਰੇਨੇਡਾਂ ਦੀ ਬਰਾਮਦਗੀ ਨੂੰ ਗੰਭੀਰ ਮਾਮਲਾ ਦੱਸਦਿਆਂ ਕਾਰਵਾਈ ਕਰਨ ਵਾਲੀ ਪੁਲਿਸ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟੀਮ ਨੂੰ ਸਨਮਾਨਿਤ ਕਰਨ ਲਈ ਡੀਜੀਪੀ ਪੰਜਾਬ ਅਤੇ ਮੁੱਖ ਮੰਤਰੀ ਕੋਲ ਸਿਫ਼ਾਰਸ਼ ਕੀਤੀ ਜਾਵੇਗੀ।

ਇਸ ਮਾਮਲੇ ਵਿੱਚ ਥਾਣਾ ਘਰਿੰਡਾ ਵਿਖੇ ਆਰਮਜ਼ ਐਕਟ ਅਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ, ਹਥਿਆਰਾਂ ਦੀ ਸਪਲਾਈ ਅਤੇ ਉਨ੍ਹਾਂ ਦੇ ਸੰਭਾਵਿਤ ਨਿਸ਼ਾਨਿਆਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਆਈਜੀ ਨੇ ਕਿਹਾ ਕਿ ਬੀਐੱਸਐੱਫ ਦੇ ਸਹਿਯੋਗ ਨਾਲ ਸਰਹੱਦੀ ਸੁਰੱਖਿਆ ਹੋਰ ਸਖ਼ਤ ਕੀਤੀ ਗਈ ਹੈ ਅਤੇ ਡਰੋਨ ਵਿਰੋਧੀ ਟੀਮਾਂ ਸਮੇਤ ਹੋਰ ਸੁਰੱਖਿਆ ਕਾਰਵਾਈਆਂ ਜਾਰੀ ਹਨ।