ਅੰਮ੍ਰਿਤਸਰ ਦੇਹਾਤੀ ਪੁਲਿਸ ਦੀ ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤੇਜ਼, SSP ਕੰਵਲਪ੍ਰੀਤ ਸਿੰਘ ਚਾਹਲ ਨੇ ਲੋਕਾਂ ਤੋਂ ਮੰਗਿਆ ਸਹਿਯੋਗ

0
22

ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਅੰਮ੍ਰਿਤਸਰ ਦੇਹਾਤੀ ਪੁਲਿਸ ਵੱਲੋਂ ਮੁਹਿੰਮ ਤੇਜ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਤਹਿਤ ਪੁਲਿਸ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐੱਸਐੱਸਪੀ ਅੰਮ੍ਰਿਤਸਰ ਦੇਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਅਤੇ ਗੈਂਗਸਟਰਵਾਦ ਖ਼ਿਲਾਫ਼ ਲੜਾਈ ਵਿੱਚ ਜਨਤਾ ਦਾ ਸਹਿਯੋਗ ਮੰਗਿਆ।

ਐੱਸਐੱਸਪੀ ਚਾਹਲ ਨੇ ਕਿਹਾ ਕਿ ਪੁਲਿਸ ਦੀ ਪੂਰੀ ਟੀਮ ਲਗਾਤਾਰ ਫੀਲਡ ਵਿੱਚ ਕੰਮ ਕਰ ਰਹੀ ਹੈ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹੱਦੀ ਇਲਾਕਾ ਹੋਣ ਕਾਰਨ ਅੰਮ੍ਰਿਤਸਰ ਦੇਹਾਤੀ ਪੁਲਿਸ ਸਾਹਮਣੇ ਕਈ ਤਰ੍ਹਾਂ ਦੀਆਂ ਚੁਣੌਤੀਆਂ ਹਨ। ਆਪਣੇ ਕਰੀਬ ਪੰਜ ਮਹੀਨਿਆਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਈ ਪੁਰਾਣੇ ਅਣਸੁਲਝੇ ਮਾਮਲਿਆਂ, ਆਈਈਡੀ ਅਤੇ ਗ੍ਰਨੇਡ ਹਮਲਿਆਂ ਸਮੇਤ ਹੋਰ ਸੰਵੇਦਨਸ਼ੀਲ ਘਟਨਾਵਾਂ ਨੂੰ ਸੁਲਝਾਇਆ ਹੈ। ਇਸ ਦੌਰਾਨ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀਆਂ ਵੱਡੀਆਂ ਬਰਾਮਦਗੀਆਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਇਨ੍ਹਾਂ ਕਾਰਵਾਈਆਂ ਵਿੱਚ ਲੋਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਤੇ ਸਹਿਯੋਗ ਨੂੰ ਅਹਿਮ ਦੱਸਿਆ।

ਨਾਬਾਲਗਾਂ ਨੂੰ ਅਪਰਾਧ ਵੱਲ ਧੱਕਣ ਦੀਆਂ ਕੋਸ਼ਿਸ਼ਾਂ ’ਤੇ ਪੁਲਿਸ ਦੀ ਨਜ਼ਰ

ਐੱਸਐੱਸਪੀ ਨੇ ਨੌਜਵਾਨਾਂ ਨੂੰ ਗਲਤ ਰਸਤੇ ’ਤੇ ਪਾਉਣ ਦੀਆਂ ਕੋਸ਼ਿਸ਼ਾਂ ਬਾਰੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਬੈਠੇ ਸ਼ਰਾਰਤੀ ਅਨਸਰ ਪੰਜਾਬ ਦੇ 16-17 ਸਾਲ ਦੇ ਨਾਬਾਲਗ ਬੱਚਿਆਂ ਨੂੰ ਭਰਮਾ ਕੇ ਉਨ੍ਹਾਂ ਤੋਂ ਅਪਰਾਧਿਕ ਵਾਰਦਾਤਾਂ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਗਲਤ ਦਿਸ਼ਾ ਵੱਲ ਲਿਜਾਣ ਦੀਆਂ ਅਜਿਹੀਆਂ ਕੋਸ਼ਿਸ਼ਾਂ ਨੂੰ ਰੋਕਣਾ ਬਹੁਤ ਜ਼ਰੂਰੀ ਹੈ।

ਇਸ ਸਬੰਧੀ ਪੁਲਿਸ ਵੱਲੋਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਸਾਂਝ ਕੇਂਦਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਮਾਪੇ ਬੱਚਿਆਂ ਦੀਆਂ ਮੋਬਾਈਲ ਅਤੇ ਸੋਸ਼ਲ ਮੀਡੀਆ ਗਤੀਵਿਧੀਆਂ ’ਤੇ ਰੱਖਣ ਨਜ਼ਰ

ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਮਾਪਿਆਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਦੇਖਣਾ ਚਾਹੀਦਾ ਹੈ ਕਿ ਬੱਚੇ ਇੰਸਟਾਗ੍ਰਾਮ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕੀ ਦੇਖ ਰਹੇ ਹਨ ਅਤੇ ਕਿਹੜੇ ਲੋਕਾਂ ਦੇ ਸੰਪਰਕ ਵਿੱਚ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਗਲਤ ਸੰਗਤ ਜਾਂ ਕਿਸੇ ਦੇ ਬਹਿਕਾਵੇ ਵਿੱਚ ਆ ਕੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਰਿਹਾ ਹੈ ਤਾਂ ਉਸ ਨੂੰ ਸਮਝਾ ਕੇ ਮੁੜ ਸਹੀ ਰਸਤੇ ’ਤੇ ਲਿਆਉਣਾ ਪਰਿਵਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚਿਤਾਵਨੀ

ਅਖੀਰ ਵਿੱਚ ਐੱਸਐੱਸਪੀ ਨੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਗਲਤ ਹਰਕਤਾਂ ਛੱਡ ਕੇ ਕਾਨੂੰਨ ਦੇ ਰਸਤੇ ’ਤੇ ਚੱਲਣ। ਉਨ੍ਹਾਂ ਸਪੱਸ਼ਟ ਕੀਤਾ ਕਿ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਤੋਂ ਦੂਰ ਰਹਿਣ ਅਤੇ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।