ਅੰਮ੍ਰਿਤਸਰ : 29 ਨੂੰ ਹੀ ਮਨਾਇਆ ਜਾਵੇਗਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, SGPC ਦੀ ਸਹਿਮਤੀ ਮਗਰੋਂ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ

0
23149

ਅੰਮ੍ਰਿਤਸਰ | ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਇਕ ਦਿਨ ਬਾਅਦ ਯਾਨੀ 29 ਦਸੰਬਰ ਨੂੰ ਹੀ ਮਨਾਇਆ ਜਾਵੇਗਾ। ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਬੈਠਕ ’ਚ ਲਿਆ ਗਿਆ।

26 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਭਾਈ ਸੁਖਦੇਵ ਸਿੰਘ ਨੇ ਪੰਥਕ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਸਿੰਘ ਸਾਹਿਬਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 29 ਦਸੰਬਰ ਨੂੰ ਹੀ ਮਨਾਉਣ ਦਾ ਫੈਸਲਾ ਲਿਆ।

ਜ਼ਿਕਰਯੋਗ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਬਿਲਕੁਲ ਨਾਲ ਆ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਲਈ ਕਈ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ। ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੱਤਰ ਵੀ ਲਿਖਿਆ ਸੀ। ਇਸ ਦੇ ਜਵਾਬ ’ਚ ਸ਼੍ਰੋਮਣੀ ਕਮੇਟੀ ਨੇ ਤਰੀਕ ਨਾ ਬਦਲ ਕੇ 29 ਦਸੰਬਰ ਨੂੰ ਹੀ ਪ੍ਰਕਾਸ਼ ਪੁਰਬ ਮਨਾਉਣ ਦੀ ਸਹਿਮਤੀ ਦਿੱਤੀ ਹੈ।