ਅੰਮ੍ਰਿਤਸਰ, 11 ਜਨਵਰੀ | IDH ਮਾਰਕੀਟ ਵਿੱਚ ਅੱਜ ਉਸ ਸਮੇਂ ਤਣਾਅਪੂਰਨ ਹਾਲਾਤ ਬਣ ਗਏ, ਜਦੋਂ ਮਾਰਕੀਟ ਦੇ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ। ਦੁਕਾਨਦਾਰਾਂ ਨੇ ਇੱਕ ਵਿਅਕਤੀ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਉਹ ਪਿਛਲੇ ਦੋ ਸਾਲਾਂ ਤੋਂ ਮਾਰਕੀਟ ਵਿੱਚ ਆ ਕੇ ਗੁੰਡਾਗਰਦੀ ਕਰ ਰਿਹਾ ਹੈ ਅਤੇ ਮਹੀਨਾ ਮੰਗਦਾ ਆ ਰਿਹਾ ਹੈ।
ਦੁਕਾਨਦਾਰਾਂ ਦਾ ਕਹਿਣਾ ਹੈ ਕਿ ਐਤਵਾਰ ਰਾਤ ਨੂੰ ਨਸ਼ੇ ਦੀ ਹਾਲਤ ਵਿੱਚ ਆ ਕੇ ਉਸ ਵਿਅਕਤੀ ਨੇ ਗਾਲੀ-ਗਲੋਚ ਕੀਤੀ ਅਤੇ ਇੱਕ ਦੁਕਾਨਦਾਰ ਦੀ ਕਾਰ ਦੀ ਤੋੜਫੋੜ ਵੀ ਕੀਤੀ, ਜਿਸ ਤੋਂ ਬਾਅਦ ਵਪਾਰੀਆਂ ਵਿੱਚ ਭਾਰੀ ਰੋਸ ਫੈਲ ਗਿਆ।
IDH ਮਾਰਕੀਟ ਜਥੇਬੰਦੀ ਦੇ ਪ੍ਰਧਾਨ ਨਾਨਕ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਨੌਜਵਾਨ ਲਗਾਤਾਰ ਮਾਰਕੀਟ ਵਿੱਚ ਦਹਿਸ਼ਤ ਦਾ ਮਾਹੌਲ ਬਣਾਈ ਬੈਠੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਰੇਹੜੀ ਵਾਲਿਆਂ ਤੋਂ ਪੈਸੇ ਵਸੂਲੇ ਜਾਂਦੇ ਰਹੇ ਅਤੇ ਹੁਣ ਦੁਕਾਨਦਾਰਾਂ ਤੋਂ ਮਹੀਨਾ ਮੰਗਿਆ ਜਾ ਰਿਹਾ ਹੈ। ਇਨਕਾਰ ਕਰਨ ’ਤੇ ਦੁਕਾਨਾਂ ਬੰਦ ਕਰਵਾਉਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ।
ਦੁਕਾਨਦਾਰਾਂ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਸਬੰਧੀ ਉਹ ਕਈ ਵਾਰ ਪੁਲਿਸ ਕੋਲ ਸ਼ਿਕਾਇਤਾਂ ਦੇ ਚੁੱਕੇ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਟੈਕਸ ਸਰਕਾਰ ਨੂੰ ਦਿੱਤੇ ਜਾਂਦੇ ਹਨ, ਕਿਸੇ ਗੁੰਡੇ ਨੂੰ ਮਹੀਨਾ ਨਹੀਂ ਦਿੱਤਾ ਜਾਵੇਗਾ।
ਪ੍ਰਦਰਸ਼ਨ ਦੌਰਾਨ ਸੜਕ ਜਾਮ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਰਾਹਗੀਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਕਾਫ਼ੀ ਸਮਾਂ ਬਰਬਾਦ ਹੋਇਆ ਅਤੇ ਕਈ ਲੋਕ ਆਪਣੇ ਜ਼ਰੂਰੀ ਕੰਮਾਂ ਲਈ ਦੇਰ ਨਾਲ ਪਹੁੰਚੇ।
ਉੱਧਰ, ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਦੇਰ ਰਾਤ ਇੱਕ ਵਿਅਕਤੀ ਖ਼ਿਲਾਫ਼ ਸ਼ਿਕਾਇਤ ਦਰਜ ਕੀਤੀ ਗਈ ਹੈ ਅਤੇ ਉਸਦੀ ਗ੍ਰਿਫ਼ਤਾਰੀ ਲਈ ਰੇਡ ਕੀਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੁਕਾਨਦਾਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਇਨਸਾਫ ਨਾ ਮਿਲਿਆ ਤਾਂ ਉਹ ਪੰਜਾਬ ਪੱਧਰ ’ਤੇ ਵੱਡਾ ਅੰਦੋਲਨ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ।







































