ਚੰਡੀਗੜ੍ਹ | ਪੰਜਾਬ ਰਾਜ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਪਹਿਲੀਂ ਤੋਂ ਦਸਵੀਂ ਜਮਾਤ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ ਵਿੱਤੀ ਸਾਲ 2023-24 ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਿਮਾਹੀ ਬੰਦਿਸ਼ ਤੋਂ ਛੋਟ ਦਿੰਦਿਆਂ ਇਸ ਰਾਸ਼ੀ ਨੂੰ ਇਕ ਵਾਰ ‘ਚ ਹੀ ਖਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।  

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਦੀ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਿੱਤੀ ਬੋਝ ਤੋਂ ਬਿਨਾਂ ਵਿਦਿਅਕ ਸਰੋਤਾਂ ਤੱਕ ਪਹੁੰਚ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋਗਦਾਨ ਨਿਭਾਏਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ. ਸੀ. ਵਿਦਿਆਰਥੀਆਂ ਦੀ ਬਿਹਤਰੀ ਨਾਲ ਸਬੰਧਤ ਸਕੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨੇਪਰੇ ਚਾੜ੍ਹਿਆ ਜਾਵੇ।