ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ

0
842
ਚੰਡੀਗੜ੍ਹ, 5 ਜਨਵਰੀ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਵਰ੍ਹੇ ਦੇ ਬਜਟ ਵਿਚੋਂ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਿਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ 5715 ਲਾਭਪਾਤਰੀਆਂ ਨੂੰ ਜ਼ਿਲਾ ਪੱਧਰੀ ਕਮੇਟੀ ਤੋਂ ਪ੍ਰਵਾਨ, ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਫਸਰ ਤੋਂ ਪ੍ਰਾਪਤ ਸਿਫਾਰਸ਼ਾਂ ਅਨੁਸਾਰ ਸਾਲ 2023-24 ਦੇ ਬਜਟ ਵਿਚੋਂ ਰਾਸ਼ੀ ਜਾਰੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ 32 ਹਜ਼ਾਰ 790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ 2 ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਂਦੀ ਹੈ।