ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਸੂਬੇ ਵਿਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13 ਹਜ਼ਾਰ 409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿਚ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਨਵੰਬਰ 2021 ਦੇ 6 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਭਾਈਚਾਰੇ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਸ਼ੀਰਵਾਦ ਸਕੀਮ ਦੀ ਰਾਸ਼ੀ 51 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।