ਚੰਡੀਗੜ੍ਹ ਦੇ ਤਾਜ ਹੋਟਲ ‘ਚ ਭਲਕੇ ਹੋਵੇਗੀ SYL ਦੀ ਅਹਿਮ ਮੀਟਿੰਗ, ਗਜੇਂਦਰ ਸ਼ੇਖਾਵਤ ਕਰਨਗੇ ਹੱਲ ਕੱਢਣ ਦੀ ਕੋਸ਼ਿਸ਼

0
899

ਚੰਡੀਗੜ੍ਹ, 27 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲਗਭਗ 5 ਦਹਾਕਿਆਂ ਤੋਂ ਹਰਿਆਣਾ ਤੇ ਪੰਜਾਬ ਦੀ ਸਿਆਸਤ ਵਿਚ ਚੱਲ ਰਿਹਾ ਸਤਲੁਜ ਯਮੁਨਾ ਲਿੰਕ ਨਹਿਰ ਯਾਨੀ ਐੱਸਵਾਈਐੱਲ ਦਾ ਮੁੱਦਾ ਹੱਲ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸ ਮੁੱਦੇ ਦੇ ਹੱਲ ਲਈ ਸਿਆਸੀ ਹੋਵੇ ਜਾਂ ਕਾਨੂੰਨੀ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਇਕ ਵਾਰ ਫਿਰ ਕੇਂਦਰ ਸਰਕਾਰ ਇਸ ਮਾਮਲੇ ਦੇ ਹੱਲ ਲਈ ਅੱਗੇ ਆਈ ਹੈ।

ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਭਲਕੇ ਚੰਡੀਗੜ੍ਹ ਆ ਰਹੇ ਹਨ। ਉਹ ਇਸ ਦੌਰਾਨ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਬੈਠਕ ਕਰਨਗੇ। ਇਸ ਬੈਠਕ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੇਂਦਰ ਤੇ ਸੂਬੇ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ। ਬੈਠਕ ਦਾ ਸਮਾਂ ਸ਼ਾਮ 4 ਵਜੇ ਹੋਟਲ ਤਾਜ ਚੰਡੀਗੜ੍ਹ ਵਿਚ ਰੱਖਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਬੈਠਕ ਜ਼ਰੀਏ ਪੰਜਾਬ ਤੇ ਹਰਿਆਣਾ ਵਿਚ ਇਸ ਮੁੱਦੇ ਦੇ ਹੱਲ ਲਈ ਰਸਤਾ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹਰਿਆਣਾ ਸਰਕਾਰ ਸਤਲੁਜ ਯਮੁਨਾ ਲਿੰਕ ਨਹਿਰ ਦੇ ਨਿਰਮਾਣ ਲਈ ਆਵਾਜ਼ ਚੁੱਕ ਰਹੀ ਹੈ। ਦੇਸ਼ ਦੀ ਸਰਵਉੱਚ ਅਦਾਲਤ ਯਾਨੀ ਸੁਪਰੀਮ ਕੋਰਟ ਵੀ ਹਰਿਆਣਾ ਸਰਕਾਰ ਦੇ ਹੱਕ ਵਿਚ ਆਪਣਾ ਫੈਸਲਾ ਦੇ ਚੁੱਕੀ ਹੈ। ਸੁਪਰੀਮ ਕੋਰਟ ਨੇ ਨਹਿਰ ਦੇ ਨਿਰਮਾਣ ਲਈ ਕੇਂਦਰ ਨੂੰ ਕਦਮ ਚੁੱਕਣ ਲਈ ਕਿਹਾ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਵੀ ਲਗਾਤਾਰ ਕਹਿ ਰਹੀ ਹੈ ਕਿ ਪਾਣੀ ਦੀ ਗੱਲ ਤਾਂ ਬਾਅਦ ਵਿਚ ਕੀਤੀ ਜਾਵੇਗੀ ਪਹਿਲਾਂ ਨਹਿਰ ਦਾ ਨਿਰਮਾਣ ਤਾਂ ਕੀਤਾ ਜਾਵੇ ਯਾਨੀ ਹਰਿਆਣਾ ਅਜੇ ਪੰਜਾਬ ਤੋਂ ਪਾਣੀ ਦੀ ਗੱਲ ਨਹੀਂ ਕਰ ਰਿਹਾ ਹੈ, ਉਹ ਲਗਾਤਾਰ ਨਹਿਰ ਦੇ ਨਿਰਮਾਣ ਲਈ ਕਦਮ ਚੁੱਕੇ ਜਾਣ ਦੀ ਮੰਗ ਕਰ ਰਿਹਾ ਹੈ। ਦੂਜੇ ਪਾਸੇ ਸੁਪਰੀਮ ਕੋਰਟ ਵੀ ਨਹਿਰ ਦੇ ਨਿਰਮਾਣ ਲਈ ਕਦਮ ਚੁੱਕਣ ਨੂੰ ਕਹਿ ਚੁੱਕਾ ਹੈ। ਹੁਣ ਇਸ ਮਾਮਲੇ ਵਿਚ ਗੇਂਦ ਕੇਂਦਰ ਦੇ ਪਾਲੇ ਵਿਚ ਹੈ।