ਮਹਿਲਾ ਦਿਵਸ ਮੌਕੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਇਤਿਹਾਸਕ ਕਦਮ : ਨਿਤਿਨ ਕੋਹਲੀ

0
943

ਜਲੰਧਰ, 8 ਮਾਰਚ | ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲ 2026–27 ਦੇ ਬਜਟ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਐਲਾਨੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਯੋਜਨਾ ਰਾਹੀਂ ਮਹਿਲਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ₹1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ₹1500 ਪ੍ਰਤੀ ਮਹੀਨਾ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਵੇਗਾ। ਨਿਤਿਨ ਕੋਹਲੀ ਨੇ ਕਿਹਾ ਕਿ ਇਸ ਨਾਲ ਲੱਖਾਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਮਿਲੇਗੀ ਅਤੇ ਪਰਿਵਾਰਾਂ ਦੀ ਆਰਥਿਕ ਹਾਲਤ ਸੁਧਰੇਗੀ।

ਨਿਤਿਨ ਕੋਹਲੀ ਨੇ ਕਿਹਾ ਕਿ ਮਹਿਲਾ ਦਿਵਸ ਦੇ ਮੌਕੇ ਮਹਿਲਾਵਾਂ ਦੇ ਸਨਮਾਨ ਨੂੰ ਸਮਰਪਿਤ ਇਹ ਬਜਟ ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਸੌਗਾਤ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਮਹਿਲਾਵਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਜਾਰੀ ਰੱਖਣ ਲਈ ₹600 ਕਰੋੜ, 27 ਹਜ਼ਾਰ ਤੋਂ ਵੱਧ ਆਂਗਣਵਾੜੀ ਕੇਂਦਰਾਂ ਲਈ ₹932 ਕਰੋੜ, ਅਤੇ “ਨਵੀਂ ਦਿਸ਼ਾ ਯੋਜਨਾ” ਤਹਿਤ ਲੋੜਵੰਦ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਮੁਫ਼ਤ ਸੈਨਿਟਰੀ ਪੈਡ ਮੁਹੱਈਆ ਕਰਵਾਉਣ ਦਾ ਫੈਸਲਾ ਸਰਕਾਰ ਦੀ ਮਹਿਲਾ-ਹਿਤੈਸ਼ੀ ਸੋਚ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਬਜਟ ਵਿੱਚ ਸਿੱਖਿਆ, ਸਿਹਤ ਅਤੇ ਸਮਾਜਿਕ ਸੁਰੱਖਿਆ ਨੂੰ ਵੀ ਵੱਡੀ ਤਰਜੀਹ ਦਿੱਤੀ ਗਈ ਹੈ। ਸਿੱਖਿਆ ਖੇਤਰ ਵਿੱਚ “ਸਿੱਖਿਆ ਕ੍ਰਾਂਤੀ 2.0” ਤਹਿਤ ₹19,279 ਕਰੋੜ, ਸਿਹਤ ਸੇਵਾਵਾਂ ਲਈ ₹6,879 ਕਰੋੜ ਦਾ ਪ੍ਰਬੰਧ, ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹10 ਲੱਖ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ ਹੈ।

ਨਿਤਿਨ ਕੋਹਲੀ ਨੇ ਕਿਹਾ ਕਿ ਕਿਸਾਨਾਂ ਅਤੇ ਪਿੰਡਾਂ ਦੇ ਵਿਕਾਸ ਲਈ ਵੀ ਸਰਕਾਰ ਨੇ ਵੱਡੇ ਪ੍ਰਬੰਧ ਕੀਤੇ ਹਨ। ਖੇਤੀਬਾੜੀ ਅਤੇ ਸੰਬੰਧਤ ਖੇਤਰਾਂ ਲਈ ₹15,377 ਕਰੋੜ, ਕਿਸਾਨਾਂ ਨੂੰ ਮੁਫ਼ਤ ਬਿਜਲੀ ਲਈ ₹7,715 ਕਰੋੜ, ਅਤੇ ਪਿੰਡਾਂ ਦੀਆਂ ਸੜਕਾਂ ਦੇ ਵਿਕਾਸ ਲਈ ₹7,606 ਕਰੋੜ ਦਾ ਪ੍ਰਬੰਧ ਪੰਜਾਬ ਦੇ ਪਿੰਡਾਂ ਦੇ ਢਾਂਚੇ ਨੂੰ ਮਜ਼ਬੂਤ ਕਰੇਗਾ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ₹1,791 ਕਰੋੜ ਦੀ ਖੇਡ ਢਾਂਚਾਗਤ ਵਿਕਾਸ ਯੋਜਨਾ, ਪਿੰਡਾਂ ਵਿੱਚ 6000 ਨਵੇਂ ਖੇਡ ਮੈਦਾਨ ਅਤੇ 5000 ਇੰਡੋਰ ਜਿਮ ਬਣਾਉਣ ਦੀ ਯੋਜਨਾ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰੇਗੀ।

ਨਿਤਿਨ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਵੱਲ ਇਹ ਬਜਟ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਲੋਕ-ਹਿਤੈਸ਼ੀ ਬਜਟ ਪੇਸ਼ ਕਰਨ ਲਈ ਵਧਾਈ ਦਿੱਤੀ।

ਮਹਿਲਾ ਦਿਵਸ ਮੌਕੇ ਦਫ਼ਤਰ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ

ਇਸ ਮੌਕੇ ਅੱਜ ਜਲੰਧਰ ਸੈਂਟਰਲ ਵਿੱਚ ਨਿਤਿਨ ਕੋਹਲੀ ਦੇ ਦਫ਼ਤਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦੇ ਐਲਾਨ ਦੀ ਖੁਸ਼ੀ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਹਿੱਸਾ ਲਿਆ ਅਤੇ ਇਸ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਨਿਤਿਨ ਕੋਹਲੀ ਨੇ ਮੌਕੇ ‘ਤੇ ਮੌਜੂਦ ਮਹਿਲਾਵਾਂ ਨੂੰ ਮਹਿਲਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਆਰਥਿਕ ਆਤਮਨਿਰਭਰਤਾ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗੀ।