ਸ੍ਰੀ ਮੁਕਤਸਰ ਸਾਹਿਬ (ਤਰਸੇਮ) | ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਟਿਕਰੀ ਬਾਰਡਰ ‘ਤੇ ਦਿੱਤੇ ਜਾ ਰਹੇ ਧਰਨੇ ਵਿਚ ਅੱਜ ਇਕ ਹੋਰ ਕਿਸਾਨ ਦੀ ਮੌਤ ਹੋ ਗਈ।
ਮ੍ਰਿਤਕ 55 ਸਾਲਾ ਕਿਸਾਨ ਗੁਰਜੰਟ ਸਿੰਘ ਹਲਕਾ ਲੰਬੀ ਦੇ ਪਿੰਡ ਚਨੂੰ ਦਾ ਰਹਿਣ ਵਾਲਾ ਇੱਕ ਛੋਟਾ ਕਿਸਾਨ ਹੈ, ਜਿਸ ਦੀ ਲਾਸ਼ ਪੋਸਟਮਾਰਟਮ ਲਈ ਮਲੌਟ ਹਸਪਤਾਲ ਵਿਚ ਰੱਖੀ ਗਈ ਹੈ।
ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਲੰਮੇ ਸਮੇਂ ਤੋਂ ਕਿਸਾਨ ਯੂਨੀਅਨ ਨਾਲ ਜੁੜਿਆ ਹੋਇਆ ਸੀ ਅਤੇ ਲਗਾਤਾਰ ਦਿੱਲੀ ਦੇ ਟਿਕਰੀ ਬਾਰਡਰ ‘ਤੇ ਧਰਨੇ ਵਿਚ ਸ਼ਾਮਲ ਸੀ।
ਕੱਲ ਉਸ ਦੀ ਅਚਾਨਕ ਤਬੀਅਤ ਖ਼ਰਾਬ ਹੋਈ ਤਾਂ ਪਿੰਡ ਪਰਤਦਿਆਂ ਹੀ ਉਸ ਦੀ ਮੌਤ ਹੋ ਗਈ, ਜਿਸ ਦੇ ਨਾਂ 4 ਏਕੜ ਜ਼ਮੀਨ ਹੈ ਤੇ ਪਿੱਛੇ 2 ਕੁੜੀਆਂ ਹਨ ਤੇ ਸਿਰ ਕਰਜ਼ਾ ਵੀ ਸੀ ।
ਯੂਨੀਅਨ ਨੇ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ ਤੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਵਲੋਂ ਮ੍ਰਿਤਕ ਦੇ ਪਰਿਵਾਰ ਲਈ ਕੀਤੀ ਮੰਗ ਪ੍ਰਵਾਨ ਨਹੀਂ ਕੀਤੀ ਜਾਂਦੀ, ਉਦੋਂ ਤੱਕ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।