ਮੁੱਖ ਮੰਤਰੀ ਚੰਨੀ ਵਲੋਂ ਦੀਵਾਲੀ ‘ਤੇ ਇਕ ਹੋਰ ਵੱਡੀ ਰਾਹਤ; ਮਜ਼ਦੂਰਾਂ ਨੂੰ 3100 ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ

0
9432

ਚੰਡੀਗੜ੍ਹ | ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਉਸਾਰੀ ਕਾਮਿਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨੂੰ ਘਟਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਵਨ ਨਿਰਮਾਣ ਤੇ ਹੋਰਨਾਂ ਉਸਾਰੀ ਮਜ਼ਦੂਰ ਕਲਿਆਣ ਬੋਰਡ ਨਾਲ ਰਜਿਸਟਰਡ ਕਾਮਿਆਂ ਲਈ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ।

ਦੀਵਾਲੀ ਤੋਂ ਇਕ ਦਿਨ ਪਹਿਲਾਂ ਆਪਣੇ ਐਲਾਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ 3100 ਰੁਪਏ ਦੀ ਇਹ ਵਿੱਤੀ ਗ੍ਰਾਂਟ ਰੌਸ਼ਨੀਆਂ ਦੇ ਤਿਉਹਾਰ ਦੇ ਮੌਕੇ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਸ਼ਗਨ ਰਾਸ਼ੀ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਿੱਧੀ ਉਸਾਰੀ ਕਾਮਿਆਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ । ਸੂਬੇ ਵਿਚ ਲਗਭਗ 3.17 ਲੱਖ ਉਸਾਰੀ ਮਜ਼ਦੂਰ ਰਜਿਸਟਰਡ ਹਨ ਤੇ ਇਸ ਸਬੰਧੀ 90-100 ਕਰੋੜ ਰੁਪਏ ਦੀ ਰਾਸ਼ੀ ਵੰਡਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਚੰਨੀ ਨੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ, ਜਿਸ ਨਾਲ ਉਹ ਬੋਰਡ ਵਲੋਂ ਸਮੇਂ-ਸਮੇਂ ‘ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਕਲਿਆਣ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ।

ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਜਾਮ ਦੇ ਯੋਗ ਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਹਮੇਸ਼ਾ ਵਚਨਬੱਧ ਹੈ।