ਵਿਦੇਸ਼ ਬੈਠੇ ਚੰਨੀ ਦਾ CM ਨੂੰ ਜਵਾਬ : ਮੇਰਾ ਫੋਨ ਤਾਂ 24 ਘੰਟੇ ਚੱਲਦੈ, ਤੁਸੀਂ ਜਦੋਂ ਮਰਜ਼ੀ ਸੰਪਰਕ ਕਰੋ, ਅਸੀਂ ਸਾਰੇ ਫੈਸਲੇ ਲੋਕਾਂ ਦੇ ਭਲੇ ਲਈ ਲਏ ਸਨ

0
1065

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਇਸ ਦੌਰਾਨ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ‘ਗਾਇਬ’ ਹੋਣ ਬਾਰੇ ਕਾਂਗਰਸ ਨੂੰ ਸਵਾਲ ਕੀਤਾ। ਉਨ੍ਹਾਂ ਨੇ ਆਖਿਆ ਕਿ ਕਾਂਗਰਸ ਹੀ ਉਨ੍ਹਾਂ (ਚੰਨੀ) ਦਾ ਪਤਾ ਦੱਸ ਦੇਵੇ।

ਇਸ ਦੇ ਕੁਝ ਘੰਟਿਆਂ ਬਾਅਦ ਵਿਦੇਸ਼ ਬੈਠੇ ਚੰਨੀ ਦਾ ਜਵਾਬ ਆਇਆ ਹੈ। ਉਨ੍ਹਾਂ ਭਗਵੰਤ ਮਾਨ ਨੂੰ ਆਖਿਆ ਕਿ ਮੇਰਾ ਫੋਨ ਨੰਬਰ 24 ਘੰਟੇ ਚੱਲ਼ਦਾ ਹੈ, ਜਦੋਂ ਮਰਜ਼ੀ ਮੈਨੂੰ ਸੰਪਰਕ ਕਰ ਸਕਦੇ ਹਨ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਹੈ ਕਿ ਉਹ ਜਦੋਂ ਮਰਜ਼ੀ ਮੈਨੂੰ ਸੰਪਰਕ ਕਰ ਸਕਦੇ ਹਨ, ਕਿਉਂਕਿ ਮੇਰਾ ਮੋਬਾਈਲ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਮੈਂ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ।

ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਭਲੇ ਲਈ 150 ਤੋਂ ਵੱਧ ਫਾਇਲਾਂ ਉਤੇ ਹਸਤਾਖ਼ਰ ਕਰਕੇ ਫ਼ੈਸਲੇ ਕੀਤੇ, ਜਿਨ੍ਹਾਂ ਵਿੱਚੋਂ ਬਿਜਲੀ ਦੇ ਤਿੰਨ ਰੁਪਏ ਪ੍ਰਤੀ ਯੂਨਿਟ ਦਰਾਂ ਘਟਾਉਣ ਦਾ ਵੀ ਸ਼ਾਮਲ ਸੀ। ਹੁਣ ਮੈਨੂੰ ਨਹੀਂ ਪਤਾ ਕਿ ਭਗਵੰਤ ਮਾਨ ਕਿਹੜੀ ਫ਼ਾਈਲ ਦੇ ਬਾਰੇ ਜਾਣਕਾਰੀ ਲੈਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫ਼ੋਨ 24 ਘੰਟੇ ਖੁੱਲ੍ਹਾ ਹੈ, ਜਦੋਂ ਮਰਜ਼ੀ ਸੰਪਰਕ ਕਰਕੇ ਕੋਈ ਵੀ ਜਾਣਕਾਰੀ ਭਗਵੰਤ ਮਾਨ ਜਾਂ ਸਰਕਾਰ ਲੈ ਸਕਦੀ ਹੈ।

ਦੱਸ ਦਈਏ ਕਿ ਭਗਵੰਤ ਮਾਨ ਨੇ ਆਖਿਆ ਸੀ ਕਿ ਸਰਕਾਰ ਚੰਨੀ ਤੋਂ ਜਾਣਨਾ ਚਾਹੁੰਦੀ ਹੈ ਆਖਰੀ ਦਿਨਾਂ ਦੌਰਾਨ ਲਏ ਗਏ ਫੈਸਲੇ ਕਿਉਂ ਅਤੇ ਕਿਵੇਂ ਲਏ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਿਵੇਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਕੋਈ ਖੁਰਾ-ਖੋਜ ਨਹੀਂ ਲੱਭ ਰਿਹਾ….ਕਾਂਗਰਸ ਪਾਰਟੀ ਹੀ ਦੱਸ ਦੇਵੇ ਕਿ ਉਸ ਦਾ ਸਾਬਕਾ ਮੁੱਖ ਮੰਤਰੀ ਅਤੇ ਲੰਘੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਇਸ ਸਮੇਂ ਕਿੱਥੇ ਹੈ?

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿਚ ਆਪਣੀਆਂ ਦੋਵੇਂ ਸੀਟਾਂ ਹਾਰਨ ਤੋਂ ਬਾਅਦ ਚੰਨੀ ਵਿਦੇਸ਼ ਵਿਚ ਡੇਰੇ ਲਾਈ ਬੈਠੇ ਹਨ। ਕਾਫੀ ਦਿਨਾਂ ਬਾਅਦ ਉਨ੍ਹਾਂ ਦੀ ਇਕ ਤਸਵੀਰ ਸੋਸ਼ਲ ਮੀਡੀਆ ਉਤੇ ਵੇਖੀ ਗਈ ਹੈ। ਜਿਸ ਵਿਚ ਉਹ ਕੁਝ ਲੋਕਾਂ ਨਾਲ ਨਜ਼ਰ ਆ ਰਹੇ ਹਨ।