60 ਹਜ਼ਾਰ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਸਾਥੀ ਸਮੇਤ ਕਾਬੂ, ਜ਼ਮੀਨ ਦਾ ਸਰਟੀਫਿਕੇਟ ਜਾਰੀ ਕਰਨ ਲਈ ਮੰਗੇ ਸਨ ਪੈਸੇ

0
573

ਚੰਡੀਗੜ੍ਹ/ਜਲੰਧਰ | ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਮੈਕਸ ਐਸੋਸੀਏਟਸ, ਰਾਮਾ ਮੰਡੀ, ਜਲੰਧਰ ਦੇ ਮਾਲਕ ਆਰਕੀਟੈਕਟ ਰਾਜਵਿੰਦਰ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜ਼ਮੀਨ ਦੀ ਵਰਤੋਂ ਵਿਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 60 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਮਾਮਲੇ ਵਿਚ ਨਗਰ ਨਿਗਮ ਜਲੰਧਰ ਵਿਖੇ ਬਿਲਡਿੰਗ ਇੰਸਪੈਕਟਰ ਵਜੋਂ ਤਾਇਨਾਤ ਆਰਕੀਟੈਕਟ ਦੇ ਇਕ ਵਿਚੋਲੇ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦਾ ਇਸ ਮਾਮਲੇ ਵਿਚ ਆਰਕੀਟੈਕਟ ਦਾ ਦੂਜਾ ਸਾਥੀ ਵਰੁਣ, ਜੋ ਕਿ ਨਗਰ ਨਿਗਮ ਜਲੰਧਰ ਦਾ ਡਰਾਫਟਸਮੈਨ ਤੇ ਬਿਲਡਿੰਗ ਇੰਸਪੈਕਟਰ (ਵਾਧੂ ਚਾਰਜ), ਅਜੇ ਵੀ ਫਰਾਰ ਹੈ, ਜਿਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਰਕੀਟੈਕਟ ਨੂੰ ਤਰੁਣਵੀਰ ਸਿੰਘ ਵਾਸੀ ਮਾਸਟਰ ਤਾਰਾ ਸਿੰਘ ਨਗਰ, ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਆਰਕੀਟੈਕਟ ਨੇ ਉਪਰੋਕਤ ਨਗਰ ਨਿਗਮ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਕਰਕੇ ਉਸ ਦੇ 2 ਪਲਾਟਾਂ ਦੀਆਂ ਫਾਈਲਾਂ ਦੇ ਨਿਪਟਾਰੇ ਲਈ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ (ਸੀ.ਐਲ.ਯੂ.) ਸਰਟੀਫਿਕੇਟ ਜਾਰੀ ਕਰਾਉਣ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਜਦਕਿ ਉਹ ਉਕਤ ਪਲਾਟ ‘ਤੇ ਇਕ ਚੈਰੀਟੇਬਲ ਹਸਪਤਾਲ ਬਣਾਉਣਾ ਚਾਹੁੰਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਆਰਕੀਟੈਕਟ ਨੇ ਉਕਤ ਕੰਮ ਲਈ ਦੋਵੇਂ ਬਿਲਡਿੰਗ ਇੰਸਪੈਕਟਰਾਂ ਵਰੁਣ ਅਤੇ ਸੁਖਵਿੰਦਰ ਕੁਮਾਰ ਲਈ ਕ੍ਰਮਵਾਰ 50 ਹਜ਼ਾਰ ਰੁਪਏ ਤੇ 15 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਹ ਉਕਤ ਆਰਕੀਟੈਕਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।

ਇਸ ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਕਰਨ ਉਪਰੰਤ ਜਲੰਧਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਆਰਕੀਟੈਕਟ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਉਕਤ ਨਗਰ ਨਿਗਮ ਦੇ ਅਧਿਕਾਰੀਆਂ ਖਾਤਰ ਦੂਜੀ ਕਿਸ਼ਤ ਵਜੋਂ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਆਰਕੀਟੈਕਟ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਸ ਮਾਮਲੇ ਵਿੱਚ ਸਹਿ ਦੋਸ਼ੀ ਵਜੋਂ ਸਾਜ਼ਿਸ਼ਕਰਤਾ ਨਗਰ ਨਿਗਮ ਜਲੰਧਰ ਦੇ ਬਿਲਡਿੰਗ ਇੰਸਪੈਕਟਰ ਸੁਖਵਿੰਦਰ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਫਰਾਰ ਮੁਲਜ਼ਮ ਵਰੁਣ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਰੇ ਮੁਲਜ਼ਮਾਂ ਦੇ ਆਮ ਲੋਕਾਂ ਤੋਂ ਰਿਸ਼ਵਤ ਲੈਣ ਦੇ ਢੰਗ ਤਰੀਕੇ ਦੀ ਵੀ ਜਾਂਚ ਕੀਤੀ ਜਾਵੇਗੀ।